ਨਿਊਜ਼ ਪੰਜਾਬ
14 ਅਗਸਤ,2026
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਹਰਿਆਣਾ ਸਰਕਾਰ ਵੱਲੋਂ ਸਿੱਖ ਸੰਗਤ ਨਾਲ ਗੱਲਬਾਤ ਕੀਤੀ ਜਾ ਰਹੀ ਸੀ ਅਤੇ ਦੂਜੇ ਪਾਸੇ ਅਚਾਨਕ ਪੁਲਿਸ ਵੱਲੋਂ ਬਲ ਦੀ ਵਰਤੋਂ ਕਰਨਾ ਬੇਹੱਦ ਮੰਦਭਾਗਾ ਅਤੇ ਨਿਆਂਪੂਰਣ ਨਹੀਂ ਹੈ। ਇਸ ਘਟਨਾ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸਮੇਤ ਕਈ ਮੈਂਬਰਾਂ, ਮੁਲਾਜ਼ਮਾਂ, ਸਿੱਖ ਸੰਗਤਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਜਥੇਦਾਰ ਗੜਗੱਜ ਨੇ ਝੀਂਡਾ ਨਾਲ ਫੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਅਤੇ ਹੋਰ ਜ਼ਖ਼ਮੀ ਸਿੱਖਾਂ ਦੀ ਸਿਹਤ ਬਾਰੇ ਜਾਣਕਾਰੀ ਵੀ ਹਾਸਲ ਕੀਤੀ।
ਜਥੇਦਾਰ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਸਮੇਂ ਸਿਰ ਸਿੱਖ ਆਗੂਆਂ ਨਾਲ ਗੱਲਬਾਤ ਰਾਹੀਂ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਦੀ ਤਾਂ ਟਕਰਾਅ ਵਾਲੀ ਸਥਿਤੀ ਪੈਦਾ ਨਾ ਹੁੰਦੀ। ਉਨ੍ਹਾਂ ਇਸ ਗੱਲ ਦੀ ਵੀ ਗੰਭੀਰ ਜਾਂਚ ਦੀ ਮੰਗ ਕੀਤੀ ਕਿ ਗੱਲਬਾਤ ਦੌਰਾਨ ਅਚਾਨਕ ਪੁਲਿਸ ਵੱਲੋਂ ਸੰਗਤ ’ਤੇ ਬਲ ਦੀ ਵਰਤੋਂ ਕਿਉਂ ਕੀਤੀ ਗਈ। ਉਨ੍ਹਾਂ ਸ਼ੱਕ ਜ਼ਾਹਰ ਕੀਤਾ ਕਿ ਕਿਤੇ ਸ਼ਾਂਤਮਈ ਧਰਨੇ ਨੂੰ ਬਦਨਾਮ ਕਰਨ ਲਈ ਸ਼ਰਾਰਤੀ ਅਨਸਰਾਂ ਦੀ ਘੁਸਪੈਠ ਤਾਂ ਨਹੀਂ ਕਰਵਾਈ ਗਈ, ਜਿਸ ਦੀ ਸੱਚਾਈ ਸਾਹਮਣੇ ਲਿਆਉਣ ਲਈ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਜੇਕਰ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸਿੱਖ ਸੰਗਤ ’ਤੇ ਗੱਡੀ ਚੜ੍ਹਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਸਮੇਂ ਸਿਰ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਤਾਂ ਮੌਜੂਦਾ ਤਣਾਅਪੂਰਨ ਸਥਿਤੀ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਹਰਿਆਣਾ ਸਰਕਾਰ ਨੂੰ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਸਿੱਖ ਸੰਗਤ ਨੂੰ ਇਕਜੁੱਟ ਰਹਿਣ ਅਤੇ ਆਪਣੇ ਸੰਘਰਸ਼ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਤੇ ਜਾਬਤੇ ਵਿੱਚ ਰੱਖਣ ਦੀ ਤਾਕੀਦ ਕੀਤੀ।
