ਨਿਊਜ਼ ਪੰਜਾਬ
20 ਅਗਸਤ,2026
ਮੋਦੀ ਸਰਕਾਰ ਨੇ ਦੇਸ਼ ਦੇ ਨੌਜਵਾਨਾਂ ਅਤੇ ਖਾਸ ਕਰਕੇ Gen-Z ਨਾਲ ਸਿੱਧਾ ਸੰਪਰਕ ਵਧਾਉਣ ਲਈ ‘One Day, One University’ ਨਾਂ ਦੀ ਪਹਿਲ ਦੀ ਯੋਜਨਾ ਤਿਆਰ ਕੀਤੀ ਹੈ। ਇਸ ਪ੍ਰੋਗਰਾਮ ਤਹਿਤ ਹਰ ਰੋਜ਼ ਇੱਕ ਕੇਂਦਰੀ ਮੰਤਰੀ ਕਿਸੇ ਯੂਨੀਵਰਸਿਟੀ ਦਾ ਦੌਰਾ ਕਰਕੇ ਉੱਥੇ ਪੜ੍ਹ ਰਹੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕਰਨਗੇ। ਇਸ ਦੌਰਾਨ ਵਿਦਿਆਰਥੀਆਂ ਦੀਆਂ ਸਮੱਸਿਆਵਾਂ, ਸਿੱਖਿਆ, ਰੋਜ਼ਗਾਰ ਅਤੇ ਨੌਜਵਾਨਾਂ ਨਾਲ ਜੁੜੇ ਹੋਰ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।
ਇਸ ਪਹਿਲ ਦਾ ਮੁੱਖ ਮਕਸਦ ਨੌਜਵਾਨਾਂ ਦੀਆਂ ਚਿੰਤਾਵਾਂ ਅਤੇ ਦੇਸ਼ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਉਨ੍ਹਾਂ ਦੇ ਵਿਚਾਰਾਂ ਨੂੰ ਸਮਝਣਾ ਹੈ। ਕੇਂਦਰੀ ਮੰਤਰੀ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਣਨ ਦੀ ਕੋਸ਼ਿਸ਼ ਕਰਨਗੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
ਸੂਤਰਾਂ ਮੁਤਾਬਕ ਯੂਨੀਵਰਸਿਟੀਆਂ ਅਤੇ ਦੌਰੇ ’ਤੇ ਜਾਣ ਵਾਲੇ ਕੇਂਦਰੀ ਮੰਤਰੀਆਂ ਵਿਚਕਾਰ ਤਾਲਮੇਲ ਲਈ ਸਿੱਖਿਆ ਅਤੇ ਖੇਡ ਮੰਤਰਾਲੇ ਨਾਲ ਜੁੜੇ ਮੰਤਰੀਆਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਸਰਕਾਰ ਦਾ ਮੰਨਣਾ ਹੈ ਕਿ ਯੂਨੀਵਰਸਿਟੀਆਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕਰਨ ਨਾਲ ਨੌਜਵਾਨ ਪੀੜ੍ਹੀ ਦੀਆਂ ਉਮੀਦਾਂ ਅਤੇ ਚੁਣੌਤੀਆਂ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕੇਗਾ।
ਇਹ ਪਹਿਲ ਅਜਿਹੇ ਸਮੇਂ ਸਾਹਮਣੇ ਆ ਰਹੀ ਹੈ ਜਦੋਂ ਦੇਸ਼ ਵਿੱਚ ਪ੍ਰੀਖਿਆਵਾਂ, ਸਿੱਖਿਆ ਪ੍ਰਣਾਲੀ ਅਤੇ ਰੋਜ਼ਗਾਰ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਵਿਦਿਆਰਥੀਆਂ ਦੀਆਂ ਚਿੰਤਾਵਾਂ ਅਤੇ ਵਿਰੋਧ ਪ੍ਰਦਰਸ਼ਨ ਚਰਚਾ ਵਿੱਚ ਰਹੇ ਹਨ। ‘One Day, One University’ ਰਾਹੀਂ ਸਰਕਾਰ ਵੱਲੋਂ ਨੌਜਵਾਨਾਂ ਤੱਕ ਸਿੱਧੀ ਪਹੁੰਚ ਬਣਾਉਣ ਅਤੇ ਉਨ੍ਹਾਂ ਦੀ ਆਵਾਜ਼ ਸੁਣਨ ’ਤੇ ਜ਼ੋਰ ਦਿੱਤਾ ਜਾਵੇਗਾ। ਇਹ ਪਹਿਲ ਸਰਕਾਰ ਅਤੇ ਯੂਨੀਵਰਸਿਟੀਆਂ ਵਿੱਚ ਪੜ੍ਹਦੇ ਨੌਜਵਾਨਾਂ ਵਿਚਕਾਰ ਸੰਵਾਦ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਦੇਖੀ ਜਾ ਰਹੀ ਹੈ।
