ਜਗਤਾਰ ਸਿੰਘ ਹਵਾਰਾ ਨੂੰ 3 ਦਿਨਾਂ ਦੀ ਪੈਰੋਲ ਆਫਰ, ਪਰ ਕੀਤੀ ਨਾਮਨਜ਼ੂਰ; ਬੀਮਾਰ ਮਾਂ ਨੂੰ ਮਿਲਣ ਲਈ ਰੈਗੂਲਰ ਪੈਰੋਲ ਦੀ ਮੰਗ 

ਨਿਊਜ਼ ਪੰਜਾਬ

22 ਅਗਸਤ,2026

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਰਮਿਆਨ ਇੱਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਹਵਾਰਾ ਨੂੰ ਇਸੇ ਮਹੀਨੇ 3 ਦਿਨ ਦੀ ਪੈਰੋਲ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਉਸ ਨੇ ਇਹ ਪੈਰੋਲ ਨਾਮਨਜ਼ੂਰ ਕਰ ਦਿੱਤੀ। ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ 13 ਅਗਸਤ ਨੂੰ ਕੇਂਦਰ ਸਰਕਾਰ ਵੱਲੋਂ ਇਹ ਪੇਸ਼ਕਸ਼ ਕੀਤੀ ਗਈ ਸੀ। ਇਸ ਤਹਿਤ ਹਵਾਰਾ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਰਹਿਣ ਦੀ ਆਫਰ ਦਿੱਤੀ ਗਈ ਸੀ।

ਜਾਣਕਾਰੀ ਮੁਤਾਬਕ ਉਸ ਸਮੇਂ ਹਵਾਰਾ ਦੀ ਬੀਮਾਰ ਮਾਤਾ ਨੂੰ ਵੀ ਦਿੱਲੀ ਦੇ ਹਸਪਤਾਲ ਵਿੱਚ ਸ਼ਿਫਟ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਸੀ। ਹਾਲਾਂਕਿ ਹਵਾਰਾ ਨੇ ਕੇਂਦਰ ਵੱਲੋਂ ਦਿੱਤੀ ਗਈ 3 ਦਿਨਾਂ ਦੀ ਪੈਰੋਲ ਦਾ ਲਾਭ ਲੈਣ ਤੋਂ ਇਨਕਾਰ ਕਰ ਦਿੱਤਾ। ਦੱਸਿਆ ਗਿਆ ਹੈ ਕਿ ਉਸ ਦੀ ਮੰਗ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਰੈਗੂਲਰ ਪੈਰੋਲ ਦੀ ਹੈ। ਦਿੱਲੀ ਜੇਲ੍ਹ ਵਿਭਾਗ ਵੱਲੋਂ ਵੀ ਇਸ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਗਈ ਸੀ ਕਿ ਹਵਾਰਾ ਨੇ ਦਿੱਤੀ ਗਈ ਰਾਹਤ ਨੂੰ ਸਵੀਕਾਰ ਨਹੀਂ ਕੀਤਾ।

ਦੂਜੇ ਪਾਸੇ, ਹਵਾਰਾ ਦੀ ਪੈਰੋਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 15 ਅਗਸਤ ਨੂੰ ਵੀ ਇਸ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਸੀ, ਜਦਕਿ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਮੁੱਖ ਤੌਰ ’ਤੇ ਉਠਾਈ ਗਈ।

ਦੱਸ ਦੇਈਏ ਕਿ ਜਗਤਾਰ ਸਿੰਘ ਹਵਾਰਾ ਨੂੰ 1995 ਵਿੱਚ ਚੰਡੀਗੜ੍ਹ ਸਿਵਲ ਸਕੱਤਰੇਤ ਦੇ ਐਂਟਰੀ ਗੇਟ ਨਾਲ ਜੁੜੇ ਬੰਬ ਧਮਾਕੇ ਦੇ ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ। ਉਸ ਨੂੰ ਪਹਿਲਾਂ ਮੌਤ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਬਾਅਦ ਵਿੱਚ ਹਾਈ ਕੋਰਟ ਵੱਲੋਂ ਘਟਾ ਕੇ ਉਮਰਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ। ਹੁਣ ਹਵਾਰਾ ਦੀ ਪੈਰੋਲ ਨੂੰ ਲੈ ਕੇ ਇੱਕ ਵਾਰ ਫਿਰ ਸਿੱਖ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਮਾਮਲਾ ਚਰਚਾ ਵਿੱਚ ਆ ਗਿਆ ਹੈ।