ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਨੈੱਟਵਰਕ ਬੇਨਕਾਬ

ਨਿਊਜ਼ ਪੰਜਾਬ

23 ਅਗਸਤ,2026

ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵੱਡੇ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਆਧੁਨਿਕ ਪਿਸਤੌਲ, ਮੈਗਜ਼ੀਨ ਅਤੇ 9 ਐੱਮ.ਐੱਮ. ਦੇ 10 ਜਿੰਦਾ ਰੌਂਦ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ ਸਥਿਤ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਅੱਗੇ ਸਪਲਾਈ ਕਰਨ ਲਈ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਮੰਗਵਾਉਂਦੇ ਸਨ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰ ਫੈਲੇ ਇਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।