ਨਿਊਜ਼ ਪੰਜਾਬ
24 ਅਗਸਤ,2029
ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ’ ਮੁਹਿੰਮ ਨੂੰ ਮੁੜ ਤੇਜ਼ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਨਵੇਂ ਅਹੁਦੇਦਾਰਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਦੱਸਿਆ ਗਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਭਲਕੇ ਬਾਅਦ ਦੁਪਹਿਰ 3 ਵਜੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣਗੇ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਉਨ੍ਹਾਂ ਨਾਲ ਅਰਦਾਸ ਵਿੱਚ ਸ਼ਾਮਲ ਹੋਵੇਗੀ।
ਡਾ. ਚੀਮਾ ਮੁਤਾਬਕ ‘ਪੰਜਾਬ ਬਚਾਓ’ ਮੁਹਿੰਮ ਤਹਿਤ 26 ਅਗਸਤ ਨੂੰ ਮਲੋਟ, 28 ਅਗਸਤ ਨੂੰ ਬਾਬਾ ਬਕਾਲਾ ਅਤੇ 30 ਅਗਸਤ ਨੂੰ ਘਨੌਰ ਵਿਖੇ ਵੱਡੇ ਸਮਾਗਮ ਅਤੇ ਰੈਲੀਆਂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਪਾਰਟੀ ਵੱਲੋਂ ‘ਮੀਰੀ-ਪੀਰੀ ਖਾਲਸਾ ਮਾਰਚ’ ਲਈ ਵੀ ਸੰਗਤਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਅਕਾਲੀ ਆਗੂ ਨੇ ਪੰਜਾਬ ਸਰਕਾਰ ਨੂੰ ਨਸ਼ਿਆਂ, ਕਾਨੂੰਨ ਵਿਵਸਥਾ ਅਤੇ ਸੂਬੇ ਦੀ ਆਰਥਿਕ ਸਥਿਤੀ ਦੇ ਮੁੱਦੇ ’ਤੇ ਘੇਰਦਿਆਂ ਸਰਕਾਰ ’ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਪ੍ਰਸ਼ਾਸਨਿਕ ਵਿਵਸਥਾ ਕਮਜ਼ੋਰ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਹੁਣ ਸੂਬੇ ਦੇ ਭਵਿੱਖ ਬਾਰੇ ਫ਼ੈਸਲਾ ਕਰਨਾ ਹੋਵੇਗਾ।
