ਪੰਜਾਬ ‘ਚ BJP ਦਾ ਵੱਡਾ ਐਲਾਨ, ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ‘ਤੇ ਲੱਗੀ ਬ੍ਰੇਕ

ਨਿਊਜ਼ ਪੰਜਾਬ

25 ਅਗਸਤ,2026

ਭਾਜਪਾ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਸਪੱਸ਼ਟੀਕਰਨ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਗਠਜੋੜ ਹੋਣ ਦੀਆਂ ਚਰਚਾਵਾਂ ਨੂੰ ਇੱਕ ਵਾਰ ਫਿਰ ਖਾਰਿਜ ਕਰ ਦਿੱਤਾ ਹੈ। ਪਾਰਟੀ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਬੀ.ਐਲ. ਸੰਤੋਸ਼ ਨੇ ਸੋਮਵਾਰ ਨੂੰ ਪਟਿਆਲਾ ਵਿੱਚ ਰੈਲੀ ਦੌਰਾਨ ਸਾਫ਼ ਕਰ ਦਿੱਤਾ ਕਿ ਭਾਜਪਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦਾ ਗਠਜੋੜ ਨਹੀਂ ਹੋਵੇਗਾ। ਸੰਤੋਸ਼ ਨੇ ਪਾਰਟੀ ਵਰਕਰਾਂ ਨੂੰ ਜ਼ਮੀਨੀ ਪੱਧਰ ‘ਤੇ ਸੰਗਠਨ ਮਜ਼ਬੂਤ ਕਰਨ ਅਤੇ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ਟੀਚਾ ਪੰਜਾਬ ਵਿੱਚ ਆਪਣੇ ਬਲਬੂਤੇ ਸਰਕਾਰ ਬਣਾਉਣਾ ਹੈ ਅਤੇ ਪਾਰਟੀ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ।

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਸਿੰਘ ਬਾਦਲ ਵਿਚਕਾਰ ਹਾਲ ਹੀ ਵਿੱਚ ਹੋਈ ਮੁਲਾਕਾਤ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਮੁੜ ਨੇੜੇ ਆਉਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਸਨ। ਇਸ ਤੋਂ ਇਲਾਵਾ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਹਾਲ ਹੀ ਵਿੱਚ ਦਿੱਤੇ ਬਿਆਨ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਗਠਜੋੜ ਨੂੰ ਲੈ ਕੇ ਕਿਆਸ ਲਗਾਏ ਜਾ ਰਹੇ ਸਨ। ਹੁਣ ਬੀ.ਐਲ. ਸੰਤੋਸ਼ ਦੇ ਬਿਆਨ ਨੇ ਇਨ੍ਹਾਂ ਚਰਚਾਵਾਂ ‘ਤੇ ਫਿਲਹਾਲ ਵਿਰਾਮ ਲਗਾ ਦਿੱਤਾ ਹੈ।

ਬੀ.ਐਲ. ਸੰਤੋਸ਼ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਹਨ। ਦੌਰੇ ਦੇ ਪਹਿਲੇ ਦਿਨ ਉਨ੍ਹਾਂ ਨੇ ਪਟਿਆਲਾ ਵਿੱਚ ਭਾਜਪਾ ਦੇ ਅਧਿਕਾਰੀਆਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ, ਜਿਸ ਤੋਂ ਬਾਅਦ ਬਠਿੰਡਾ ਵਿੱਚ ਵੀ ਪਾਰਟੀ ਨਾਲ ਜੁੜੀਆਂ ਮੀਟਿੰਗਾਂ ਕੀਤੀਆਂ ਗਈਆਂ। ਮੰਗਲਵਾਰ ਨੂੰ ਉਹ ਮੋਗਾ ਅਤੇ ਲੁਧਿਆਣਾ ਵਿੱਚ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਕੇ ਸੰਗਠਨ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ।