27 ਅਗਸਤ ਨੂੰ ਪੰਜਾਬ ਮਹਾ ਹੜਤਾਲ: ਸਰਕਾਰੀ ਦਫ਼ਤਰ, ਸਕੂਲ-ਕਾਲਜ ਤੇ PRTC ਬੱਸਾਂ ਰਹਿਣਗੀਆਂ ਬੰਦ, ਜਾਣੋ ਕੀ ਖੁੱਲ੍ਹਾ ਰਹੇਗਾ

ਨਿਊਜ਼ ਪੰਜਾਬ

26 ਅਗਸਤ 2026

ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਕਾਰਨ ਸੂਬੇ ਦੇ ਸਰਕਾਰੀ ਕੰਮਕਾਜ ’ਤੇ ਵੱਡਾ ਅਸਰ ਪੈਣ ਦੀ ਸੰਭਾਵਨਾ ਹੈ। ਸਰਕਾਰੀ ਦਫ਼ਤਰਾਂ ਤੋਂ ਲੈ ਕੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਬਿਜਲੀ ਵਿਭਾਗ, ਐਸਡੀਐਮ ਦਫ਼ਤਰ ਅਤੇ ਤਹਿਸੀਲਾਂ ਵਿੱਚ ਕੰਮਕਾਜ ਪ੍ਰਭਾਵਿਤ ਰਹੇਗਾ। ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਰਹਿਣ ਦੀ ਗੱਲ ਕਹੀ ਗਈ ਹੈ, ਹਾਲਾਂਕਿ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ। ਇਸ ਤੋਂ ਇਲਾਵਾ ਪੀਆਰਟੀਸੀ ਅਤੇ ਪੈਪਸੂ ਦੀਆਂ ਸਰਕਾਰੀ ਬੱਸ ਸੇਵਾਵਾਂ ਮੁਅੱਤਲ ਰਹਿਣਗੀਆਂ, ਜਦਕਿ ਨਿੱਜੀ ਬੱਸਾਂ ਚੱਲਣਗੀਆਂ। ਮੁਲਾਜ਼ਮ ਆਗੂਆਂ ਨੇ ਸਪਸ਼ਟ ਕੀਤਾ ਹੈ ਕਿ ਹੜਤਾਲ ਦੌਰਾਨ ਸੜਕਾਂ, ਹਾਈਵੇਅ ਅਤੇ ਬਾਜ਼ਾਰ ਬੰਦ ਨਹੀਂ ਕੀਤੇ ਜਾਣਗੇ, ਇਸ ਲਈ ਆਮ ਲੋਕਾਂ ਦੀ ਆਵਾਜਾਈ ਅਤੇ ਰੋਜ਼ਾਨਾ ਕਾਰੋਬਾਰ ਆਮ ਤੌਰ ’ਤੇ ਜਾਰੀ ਰਹਿਣ ਦੀ ਉਮੀਦ ਹੈ।

ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੇਂਦਰੀ ਪੈਟਰਨ ’ਤੇ ਤਨਖਾਹ ਸਕੇਲ ਦੇਣ ਅਤੇ ਨੌਜਵਾਨ ਮੁਲਾਜ਼ਮਾਂ ਨਾਲ ਸਬੰਧਤ ਤਿੰਨ ਸਾਲਾਂ ਦੀ ਪ੍ਰੋਬੇਸ਼ਨ ਮਿਆਦ ਸਬੰਧੀ ਹੁਕਮ ਵਾਪਸ ਲੈਣ ਸਮੇਤ ਕਈ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ। ਇਸੇ ਦੌਰਾਨ 27 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਵਿੱਚ ਦੁਪਹਿਰ 1 ਵਜੇ ਮੀਟਿੰਗ ਵੀ ਤੈਅ ਕੀਤੀ ਗਈ ਹੈ। ਉੱਧਰ ਕਾਂਗਰਸ ਵੱਲੋਂ ਵੀ ਮੁਲਾਜ਼ਮਾਂ ਦੀ ਹੜਤਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਸਰਕਾਰ ’ਤੇ ਮੰਗਾਂ ਮੰਨਣ ਲਈ ਦਬਾਅ ਬਣਾਉਣ ਅਤੇ ਵਿਰੋਧ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਗਈ ਹੈ। ਅਜਿਹੇ ਵਿੱਚ 27 ਅਗਸਤ ਦਾ ਦਿਨ ਪੰਜਾਬ ਵਿੱਚ ਸਰਕਾਰੀ ਕੰਮਕਾਜ ਅਤੇ ਮੁਲਾਜ਼ਮਾਂ ਦੇ ਸੰਘਰਸ਼ ਦੇ ਪੱਖੋਂ ਅਹਿਮ ਰਹਿਣ ਵਾਲਾ ਹੈ।