ਅੰਮ੍ਰਿਤਸਰ ’ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 6 ਮੁਲਜ਼ਮ ਗ੍ਰਿਫਤਾਰ; ਹੈਰੋਇਨ ਤੇ 8 ਹਾਈ ਐਂਡ ਪਿਸਤੌਲ ਬਰਾਮਦ

ਨਿਊਜ਼ ਪੰਜਾਬ

28 ਅਗਸਤ,2026

ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਵੱਲੋਂ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 2 ਕਿਲੋ 920 ਗਰਾਮ ਹੈਰੋਇਨ ਅਤੇ 8 ਹਾਈ ਐਂਡ ਪਿਸਤੌਲ ਬਰਾਮਦ ਕੀਤੇ ਹਨ।

ਸ਼ੁਰੂਆਤੀ ਜਾਂਚ ਮੁਤਾਬਕ ਇਹ ਮੁਲਜ਼ਮ ਸਰਹੱਦ ਪਾਰ ਤੋਂ ਡ੍ਰੋਨ ਰਾਹੀਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਮੰਗਵਾਉਣ ਅਤੇ ਅੱਗੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਤੱਕ ਪਹੁੰਚਾਉਣ ਵਾਲੇ ਨੈਟਵਰਕ ਨਾਲ ਜੁੜੇ ਹੋਏ ਸਨ। ਪੁਲਿਸ ਵੱਲੋਂ ਮਾਮਲੇ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਥਾਣੇ ਵਿੱਚ ਵੱਖ-ਵੱਖ FIR ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਰਾਹੀਂ ਇਸ ਨੈਟਵਰਕ ਨਾਲ ਜੁੜੇ ਹੋਰ ਲੋਕਾਂ ਅਤੇ ਸਰਹੱਦ ਪਾਰੋਂ ਖੇਪ ਭੇਜਣ ਵਾਲੇ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖਿਲਾਫ ਮੁਹਿੰਮ ਲਗਾਤਾਰ ਜਾਰੀ ਰਹੇਗੀ।