ਨਿਊਜ਼ ਪੰਜਾਬ
29 ਅਗਸਤ,2026
ਪਾਕਿਸਤਾਨ ਦੇ ਬਲੂਚਿਸਤਾਨ ਦੀ ਰਾਜਧਾਨੀ ਕਵੇਟਾ ਵਿੱਚ ਲਗਭਗ 200 ਸਾਲ ਪੁਰਾਣੇ ਇਤਿਹਾਸਕ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰੇ ਨੂੰ ਢਾਹ ਕੇ ਉਸ ਦੀ ਥਾਂ ਮਾਲ ਬਣਾਉਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਮਾਮਲੇ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਵਿਰਾਸਤ ’ਤੇ ਹਮਲਾ ਕਰਾਰ ਦਿੰਦਿਆਂ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਤੁਰੰਤ ਦਖਲ ਦੇ ਕੇ ਉਸਾਰੀ ਗਤੀਵਿਧੀ ਰੋਕਣ ਅਤੇ ਗੁਰਦੁਆਰੇ ਨਾਲ ਸਬੰਧਤ ਜਾਇਦਾਦ ਸਿੱਖ ਸੰਗਤ ਦੇ ਹਵਾਲੇ ਕਰਨ ਦੀ ਮੰਗ ਕੀਤੀ ਹੈ। ਧਾਮੀ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਵੀ ਕੂਟਨੀਤਕ ਪੱਧਰ ’ਤੇ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ ਹੈ।
