ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਖਿਲਾਫ਼ ਸਰਕਾਰ ਦੀ ਵੱਡੀ ਕਾਰਵਾਈ, 27 ਅਗਸਤ ਨੂੰ ਗੈਰ-ਹਾਜ਼ਰ ਰਹਿਣ ਵਾਲਿਆਂ ਨੂੰ ਸ਼ੋਅ-ਕਾਜ਼ ਨੋਟਿਸ

ਨਿਊਜ਼ ਪੰਜਾਬ

29 ਅਗਸਤ,2026

ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਖਿਲਾਫ਼ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਪਣਾਇਆ ਹੈ। ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ 27 ਅਗਸਤ ਨੂੰ ਅਣਅਧਿਕਾਰਤ ਤੌਰ ’ਤੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ੋਅ-ਕਾਜ਼ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਨਿਯਮਾਂ ਅਨੁਸਾਰ ਅਨੁਸ਼ਾਸਨੀ ਕਾਰਵਾਈ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ।

ਇਹ ਕਾਰਵਾਈ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਬਕਾਇਆ ਡੀਏ ਸਮੇਤ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ‘ਮਹਾਂ ਹੜਤਾਲ’ ਤਹਿਤ ਇੱਕ ਦਿਨਾ ਰੋਸ ਪ੍ਰਦਰਸ਼ਨ ਕੀਤਾ ਸੀ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਵਿੱਚ ਰੋਸ ਹੋਰ ਵਧ ਗਿਆ ਹੈ। ਮੁਲਾਜ਼ਮ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਪਹਿਲਾਂ ਸਰਕਾਰ ਇਸ ਪੱਤਰ ਨੂੰ ਵਾਪਸ ਲਵੇ, ਉਸ ਤੋਂ ਬਾਅਦ ਹੀ ਮੁੱਖ ਮੰਤਰੀ ਨਾਲ ਮੀਟਿੰਗ ਬਾਰੇ ਵਿਚਾਰ ਕੀਤਾ ਜਾਵੇਗਾ।

ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਸਰਕਾਰ ਦੇ ਪੱਤਰ ਦੇ ਵਿਰੋਧ ਵਿੱਚ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ। 30 ਅਗਸਤ ਨੂੰ ਲੁਧਿਆਣਾ ਵਿੱਚ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਸਰਕਾਰ ਖਿਲਾਫ਼ ਅਗਲੇ ਪੜਾਅ ਦੇ ਸੰਘਰਸ਼ ਦਾ ਐਲਾਨ ਕੀਤਾ ਜਾ ਸਕਦਾ ਹੈ।