ਅੰਮ੍ਰਿਤਸਰ ’ਚ ਨਸ਼ਾ ਤਸਕਰ ਦੀ ਜਾਇਦਾਦ ’ਤੇ ਵੱਡੀ ਕਾਰਵਾਈ, ਨਾਜਾਇਜ਼ ਉਸਾਰੀ ’ਤੇ ਚੱਲਿਆ ਬੁਲਡੋਜ਼ਰ

ਨਿਊਜ਼ ਪੰਜਾਬ

30 ਅਗਸਤ,2026

ਅੰਮ੍ਰਿਤਸਰ ਵਿੱਚ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਅਤੇ ਪ੍ਰਸ਼ਾਸਨ ਨੇ ਨਸ਼ਾ ਕਾਰੋਬਾਰ ਨਾਲ ਜੁੜੇ ਮੁਲਜ਼ਮ ਜਤਿੰਦਰ ਪਾਲ ਸਿੰਘ ਸੋਨੀ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਅਤੇ ਪ੍ਰਸ਼ਾਸਨ ਦੀ ਸਾਂਝੀ ਟੀਮ ਨੇ ਮੁਲਜ਼ਮ ਦੇ ਘਰ ਵਿੱਚ ਕੀਤੀ ਗਈ ਨਾਜਾਇਜ਼ ਉਸਾਰੀ ਨੂੰ ਡਿਮੋਲਿਸ਼ਨ ਡਰਾਈਵ ਤਹਿਤ ਢਾਹ ਦਿੱਤਾ। ਡੀਸੀਪੀ ਲਾਅ ਐਂਡ ਆਰਡਰ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸੋਨੀ ਖ਼ਿਲਾਫ਼ ਕੁੱਲ 8 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚੋਂ 7 ਮਾਮਲੇ ਐਨਡੀਪੀਐਸ ਐਕਟ ਤਹਿਤ ਨਸ਼ਿਆਂ ਨਾਲ ਸਬੰਧਤ ਹਨ। ਨਗਰ ਨਿਗਮ ਵੱਲੋਂ ਨਾਜਾਇਜ਼ ਉਸਾਰੀ ਸਬੰਧੀ ਪਹਿਲਾਂ ਨੋਟਿਸ ਜਾਰੀ ਕਰਕੇ ਕਾਰਵਾਈ ਲਈ ਸਮਾਂ ਦਿੱਤਾ ਗਿਆ ਸੀ, ਪਰ ਨਿਰਧਾਰਤ ਸਮੇਂ ਵਿੱਚ ਤਸੱਲੀਬਖ਼ਸ਼ ਕਾਰਵਾਈ ਨਾ ਹੋਣ ’ਤੇ ਅੱਜ ਇਹ ਕਦਮ ਚੁੱਕਿਆ ਗਿਆ।

ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਦੀਆਂ ਹੋਰ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਨਾਜਾਇਜ਼ ਉਸਾਰੀ ਮਿਲੇਗੀ, ਉੱਥੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। DCP ਮੁਤਾਬਕ ਇਸ ਸਾਲ ਹੁਣ ਤੱਕ ਅੰਮ੍ਰਿਤਸਰ ਵਿੱਚ ਨਸ਼ਿਆਂ ਨਾਲ ਸਬੰਧਤ 1312 ਮਾਮਲੇ ਦਰਜ ਕਰਕੇ 2150 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਕਰੀਬ 137 ਕਿਲੋ ਹੈਰੋਇਨ ਅਤੇ 76 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।