ਨਿਊਜ਼ ਪੰਜਾਬ
2 ਸਤੰਬਰ,2026
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਆਸਾਨੀ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਵੱਲ ਵੱਡਾ ਕਦਮ ਚੁੱਕਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘Digi Punjab’ ਪੋਰਟਲ ਲਾਂਚ ਕੀਤਾ ਹੈ, ਜਿਸ ਰਾਹੀਂ 12 ਵਿਭਾਗਾਂ ਦੀਆਂ 300 ਤੋਂ ਵੱਧ ਸਰਕਾਰੀ ਸੇਵਾਵਾਂ ਇੱਕੋ ਡਿਜੀਟਲ ਪਲੇਟਫਾਰਮ ’ਤੇ ਉਪਲਬਧ ਹੋਣਗੀਆਂ। ਇਸ ਨਾਲ ਲੋਕਾਂ ਨੂੰ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ, ਲੰਬੀਆਂ ਕਤਾਰਾਂ ਵਿੱਚ ਖੜ੍ਹਨ ਅਤੇ ਦਸਤੀ ਕਾਗਜ਼ੀ ਕਾਰਵਾਈ ਕਰਨ ਦੀ ਲੋੜ ਘੱਟ ਹੋਵੇਗੀ। ਜਨਮ-ਮੌਤ ਸਰਟੀਫਿਕੇਟ, ਮੈਡੀਕਲ ਫਿਟਨੈੱਸ ਸਰਟੀਫਿਕੇਟ, ਵਿਆਹ ਰਜਿਸਟ੍ਰੇਸ਼ਨ, ਅਸਲਾ ਲਾਇਸੰਸ, ਪੁਲਿਸ ਵੈਰੀਫਿਕੇਸ਼ਨ, ਆਮਦਨ ਤੇ ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਸਮਾਜਿਕ ਸੁਰੱਖਿਆ ਪੈਨਸ਼ਨ ਅਤੇ ਪਾਣੀ ਕੁਨੈਕਸ਼ਨ ਵਰਗੀਆਂ ਕਈ ਸੇਵਾਵਾਂ ਹੁਣ ਆਨਲਾਈਨ ਪ੍ਰਾਪਤ ਕੀਤੀਆਂ ਜਾ ਸਕਣਗੀਆਂ। ਸਰਕਾਰ ਮੁਤਾਬਕ ਅਗਲੇ ਦੋ ਮਹੀਨਿਆਂ ਵਿੱਚ ਇਸ ਪੋਰਟਲ ’ਤੇ 800 ਤੋਂ ਵੱਧ ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣ ਦਾ ਟੀਚਾ ਹੈ।
