ਨਿਊਜ਼ ਪੰਜਾਬ
2 ਸਤੰਬਰ,2026
ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਏ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਚੁਅਲ ਕਰਨ ਵਾਲੇ ਬਿੱਲ-2026 ਦਾ ਨੋਟੀਫਿਕੇਸ਼ਨ ਜਾਰੀ ਨਾ ਹੋਣ ਦੇ ਵਿਰੋਧ ਵਿੱਚ ਮੁਲਾਜ਼ਮਾਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਬਿੱਲ ਪਾਸ ਹੋਣ ਦੇ 22 ਦਿਨ ਬਾਅਦ ਵੀ ਨੋਟੀਫਿਕੇਸ਼ਨ ਨਾ ਆਉਣ ਤੋਂ ਨਾਰਾਜ਼ ਪੰਜ ਆਊਟਸੋਰਸ ਮੁਲਾਜ਼ਮ ਸ੍ਰੀ ਆਨੰਦਪੁਰ ਸਾਹਿਬ ਨੇੜੇ ਪਿੰਡ ਕੋਟਲਾ ਵਿੱਚ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਉਹ ਲਗਾਤਾਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਮੰਗ ਸਬੰਧੀ ਪੱਤਰ ਭੇਜ ਰਹੇ ਹਨ, ਪਰ ਹਾਲੇ ਤੱਕ ਗੱਲਬਾਤ ਲਈ ਕੋਈ ਮੀਟਿੰਗ ਨਹੀਂ ਸੱਦੀ ਗਈ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਨੋਟੀਫਿਕੇਸ਼ਨ ਜਲਦ ਜਾਰੀ ਨਾ ਹੋਇਆ ਤਾਂ ਆਉਣ ਵਾਲੇ ਸਮੇਂ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਇਹ ਮਾਮਲਾ ਮੁੜ ਲਟਕ ਸਕਦਾ ਹੈ। ਟੈਂਕੀ ’ਤੇ ਚੜ੍ਹੇ ਮੁਲਾਜ਼ਮਾਂ ਨੇ ਪ੍ਰਸ਼ਾਸਨ ਨੂੰ ਸ਼ਾਮ 7 ਵਜੇ ਤੱਕ ਦਾ ਅਲਟੀਮੇਟਮ ਦਿੰਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਕੌਮੀ ਮਾਰਗ ਦਾ ਇੱਕ ਪਾਸਾ ਪੂਰੀ ਤਰ੍ਹਾਂ ਜਾਮ ਕੀਤਾ ਜਾਵੇਗਾ। ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਕਿ ਬਿੱਲ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
