ਨਿਊਜ਼ ਪੰਜਾਬ
4 ਸਤੰਬਰ,2026
ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ ਅਤੇ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਹੈ। ਸ਼ੁੱਕਰਵਾਰ ਨੂੰ ਜਲੰਧਰ ਅਤੇ ਪਠਾਨਕੋਟ ਵਿੱਚ ਮੀਂਹ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਵੀ ਮੀਂਹ ਪਿਆ।
ਮੌਸਮ ਵਿਭਾਗ ਮੁਤਾਬਕ 4 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਚੰਡੀਗੜ੍ਹ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵੀ ਇੱਕਾ-ਦੁੱਕਾ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 4 ਅਤੇ 5 ਸਤੰਬਰ ਨੂੰ ਮੀਂਹ ਦੀ ਤੀਬਰਤਾ ਜ਼ਿਆਦਾ ਰਹਿ ਸਕਦੀ ਹੈ ਅਤੇ ਇਸ ਤੋਂ ਬਾਅਦ ਵੀ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ। ਉੱਤਰੀ ਹਰਿਆਣਾ ਉੱਪਰ ਬਣੀ ਚੱਕਰਵਾਤੀ ਪ੍ਰਣਾਲੀ ਅਤੇ ਮਾਨਸੂਨ ਟ੍ਰਾਫ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ 9 ਸਤੰਬਰ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਕਾਰਨ ਸੂਬੇ ਵਿੱਚ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਸ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਵਿੱਚ ਹੁਣ ਤੱਕ ਆਮ ਨਾਲੋਂ 34 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਮੀਂਹ ਪੈਣ ਨਾਲ ਬਿਜਲੀ ਦੀ ਮੰਗ ਵਿੱਚ ਵੀ ਕਮੀ ਆਈ ਹੈ। ਪੰਜਾਬ ਵਿੱਚ ਵੀਰਵਾਰ ਨੂੰ ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਤੋਂ ਪਾਰ ਚਲੀ ਗਈ ਸੀ, ਪਰ ਮੀਂਹ ਤੋਂ ਬਾਅਦ ਇਹ ਘਟ ਕੇ ਲਗਭਗ 11,944 ਮੈਗਾਵਾਟ ਰਹਿ ਗਈ।
