ਭ੍ਰਿਸ਼ਟਾਚਾਰ ਨੂੰ ਲੈ ਕੇ CM ਮਾਨ ਦੀ ਰਿਹਾਇਸ਼ ਦੇ ਬਾਹਰ ਦੇ ਰੋਸ ਪ੍ਰਦਰਸ਼ਨ ; MP ਹਰਸਿਮਰਤ ਕੌਰ ਬਾਦਲ ਤੇ ਗਨੀਵ ਕੌਰ ਹਿਰਾਸਤ ’ਚ

ਨਿਊਜ਼ ਪੰਜਾਬ

5 ਸਤੰਬਰ,2026

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੇ ਸੀਐੱਮ ਮਾਨ ਦੀ ਰਿਹਾਇਸ਼ ਵੱਲ ਕੂਚ ਕੀਤਾ। ਪ੍ਰਦਰਸ਼ਨ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਵੱਲੋਂ ਇਲਾਕੇ ਵਿੱਚ ਭਾਰੀ ਬੈਰੀਕੇਡਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਵਿਧਾਇਕਾ ਗਨੀਵ ਕੌਰ ਸਮੇਤ ਕਈ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਜੁੜੇ ਕਥਿਤ 5 ਕਰੋੜ ਰੁਪਏ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਅਕਾਲੀ ਦਲ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾਈ ਜਾਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਵੀ ਮੁਲਾਕਾਤ ਕੀਤੀ ਅਤੇ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਰੱਖੀ। ਦੂਜੇ ਪਾਸੇ, ਖ਼ਬਰ ਵਿੱਚ ਦਰਜ 5 ਕਰੋੜ ਰੁਪਏ ਸਮੇਤ ਹੋਰ ਦੋਸ਼ਾਂ ਨੂੰ ਹਾਲੇ ਜਾਂਚ ਅਧੀਨ ਦੱਸਿਆ ਗਿਆ ਹੈ ਅਤੇ ਇਨ੍ਹਾਂ ਦੀ ਅਦਾਲਤ ਵੱਲੋਂ ਪੁਸ਼ਟੀ ਨਹੀਂ ਹੋਈ ਹੈ।