ਮੋਹਨਜੀਤ ਸਿੰਘ ਦੀ ਸਿਹਤ ਅਚਾਨਕ ਵਿਗੜੀ, ਪਟਿਆਲਾ ਰੈਫਰ; ਰਾਜਿੰਦਰਾ ਹਸਪਤਾਲ ਬਾਹਰ ਭਾਰੀ ਪੁਲਿਸ ਬਲ ਤੈਨਾਤ

ਨਿਊਜ਼ ਪੰਜਾਬ

6 ਸਤੰਬਰ,2026

ਸੁਨਾਮ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸ਼ੇਰੋਂ ਨਾਲ ਸਬੰਧਤ ਮੋਹਨਜੀਤ ਸਿੰਘ ਦੀ ਸਿਹਤ ਅਚਾਨਕ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ। ਸਿਹਤ ਨਾਜ਼ੁਕ ਹੋਣ ਕਾਰਨ ਉਸ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਤੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮੋਹਨਜੀਤ ਸਿੰਘ ਨੂੰ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਣ ਦੇ ਦੋਸ਼ਾਂ ਵਿਚਕਾਰ ਇਲਾਜ ਲਈ ਪਟਿਆਲਾ ਲਿਆਂਦਾ ਗਿਆ ਹੈ, ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਉਸ ਦੀ ਜਾਂਚ ਕੀਤੀ ਜਾ ਰਹੀ ਹੈ।

ਮੋਹਨਜੀਤ ਸਿੰਘ ਨੂੰ ਪਟਿਆਲਾ ਲਿਆਂਦੇ ਜਾਣ ਤੋਂ ਬਾਅਦ ਰਾਜਿੰਦਰਾ ਹਸਪਤਾਲ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਹਸਪਤਾਲ ਦੇ ਬਾਹਰ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ। ਇਸ ਦੌਰਾਨ ਭਾਜਪਾ ਆਗੂ ਦਮਨ ਬਾਜਵਾ ਨੇ ਇਲਜ਼ਾਮ ਲਗਾਇਆ ਕਿ ਉਹ ਮੋਹਨਜੀਤ ਸਿੰਘ ਦੇ ਨਾਲ ਸੰਗਰੂਰ ਤੋਂ ਪਟਿਆਲਾ ਪਹੁੰਚੇ, ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਹਸਪਤਾਲ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਮੁਤਾਬਕ ਮੋਹਨਜੀਤ ਸਿੰਘ ਦੀ ਸਿਹਤ ਇਸ ਸਮੇਂ ਕਾਫ਼ੀ ਗੰਭੀਰ ਬਣੀ ਹੋਈ ਹੈ।

ਡਾ. ਕਰਮਜੋਤ ਸਿੰਘ ਸੰਧੂ ਨੇ ਦੱਸਿਆ ਕਿ ਮੋਹਨਜੀਤ ਸਿੰਘ ਨੂੰ ਰੈਫਰ ਕਰਕੇ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਹੈ ਅਤੇ ਇਸ ਵੇਲੇ ਉਸ ਨੂੰ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਮਰੀਜ਼ ਦੇ ਸਿਟੀ ਸਕੈਨ ਸਮੇਤ ਹੋਰ ਲੋੜੀਂਦੇ ਟੈਸਟ ਅਤੇ ਜਾਂਚਾਂ ਕੀਤੀਆਂ ਜਾ ਰਹੀਆਂ ਹਨ। ਫਿਲਹਾਲ ਮੋਹਨਜੀਤ ਸਿੰਘ ਬੇਹੋਸ਼ ਹਨ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਡਾਕਟਰਾਂ ਦਾ ਪੂਰਾ ਪੈਨਲ ਮੌਕੇ ’ਤੇ ਮੌਜੂਦ ਹੈ ਅਤੇ ਮਰੀਜ਼ ਨੂੰ ਜਿਸ ਤਰ੍ਹਾਂ ਦੇ ਇਲਾਜ ਦੀ ਲੋੜ ਹੋਵੇਗੀ, ਉਹ ਰਾਜਿੰਦਰਾ ਹਸਪਤਾਲ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ।