ਨਿਊਜ਼ ਪੰਜਾਬ
6 ਸਤੰਬਰ,2026
ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਦਾ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਡੀਏ ਦੇ ਮਾਮਲੇ ਨੂੰ ਲੈ ਕੇ 12 ਅਤੇ 13 ਸਤੰਬਰ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਘਿਰਾਓ ਦੇ ਐਲਾਨ ਤੋਂ ਬਾਅਦ ਹੁਣ ਸੂਬੇ ਦੇ ਸੇਵਾ ਕੇਂਦਰ ਮੁਲਾਜ਼ਮਾਂ ਨੇ ਵੀ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਨੇ 15 ਸਤੰਬਰ ਨੂੰ ਸੂਬੇ ਭਰ ਦੇ ਸੇਵਾ ਕੇਂਦਰਾਂ ਵਿੱਚ ਇੱਕ ਦਿਨ ਦੀ ਪੂਰਨ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
ਯੂਨੀਅਨ ਮੁਤਾਬਕ ਇਸ ਦੌਰਾਨ ਸਾਰੇ ਮੁਲਾਜ਼ਮ ਮੁਹਾਲੀ ਦੇ ਫੇਜ਼-10 ਵਿੱਚ ਕਿਰਤ ਵਿਭਾਗ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਧਰਨਾ ਦੇਣਗੇ। ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਲੰਬੇ ਸਮੇਂ ਤੋਂ ਚੱਲ ਰਹੇ ਆਊਟਸੋਰਸਿੰਗ ਪ੍ਰਬੰਧ ਨੂੰ ਖ਼ਤਮ ਕਰਕੇ ਉਨ੍ਹਾਂ ਨੂੰ ਸਿੱਧੇ ਸਰਕਾਰੀ ਸੇਵਾ ਵਿੱਚ ਸ਼ਾਮਲ ਕੀਤਾ ਜਾਵੇ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਕਈ ਸਾਲਾਂ ਤੋਂ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਅਤੇ ਨਿਯਮਤ ਰੁਜ਼ਗਾਰ ਦੇ ਲਾਭ ਮਿਲਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੂੰ ਵਾਰ-ਵਾਰ ਮੰਗਾਂ ਤੋਂ ਜਾਣੂ ਕਰਵਾਉਣ ਦੇ ਬਾਵਜੂਦ ਕੋਈ ਢੁੱਕਵੀਂ ਮੀਟਿੰਗ ਨਹੀਂ ਸੱਦੀ ਗਈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ 15 ਸਤੰਬਰ ਤੱਕ ਸਰਕਾਰ ਨੇ ਮੰਗਾਂ ’ਤੇ ਗੌਰ ਨਾ ਕੀਤਾ ਤਾਂ ਧਰਨੇ ਦੌਰਾਨ ਹੀ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
