ਖਰੜ ’ਚ ਅਕਾਲੀ ਦਲ ਦੀ ‘ਪੰਜਾਬ ਬਚਾਓ ਮਿਸ਼ਨ’ ਰੈਲੀ, ਤਿਆਰੀਆਂ ਮੁਕੰਮਲ; ਹਜ਼ਾਰਾਂ ਲੋਕਾਂ ਦੇ ਇਕੱਠ ਦਾ ਦਾਅਵਾ

ਨਿਊਜ਼ ਪੰਜਾਬ

10 ਸਤੰਬਰ,2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਖਰੜ ਦੇ ਪਿੰਡ ਪਲਹੇੜੀ ਸਨਟੇਕ ਸਿਟੀ ਦੇ ਸਾਹਮਣੇ ਭਲਕੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਮਿਸ਼ਨ’ ਰੈਲੀ ਨੂੰ ਲੈ ਕੇ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਰੈਲੀ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਨੇ ਰੈਲੀ ਵਾਲੀ ਥਾਂ ਦਾ ਜਾਇਜ਼ਾ ਲਿਆ। ਇਸ ਮੌਕੇ ਖਰੜ ਦੇ ਚਰਚਿਤ ‘ਗੋਲਡਨ ਮੈਨ’ ਵੱਲੋਂ ਵੀ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ।

ਰਵਿੰਦਰ ਸਿੰਘ ਖੇੜਾ ਨੇ ਦੱਸਿਆ ਕਿ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ, ਕਿਸਾਨੀ ਅਤੇ ਆਮ ਲੋਕਾਂ ਨਾਲ ਸਬੰਧਤ ਗੰਭੀਰ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਖੇੜਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਆਇਆ ਹੈ ਅਤੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਅਕਾਲੀ ਦਲ ਵੱਲ ਉਮੀਦ ਨਾਲ ਦੇਖ ਰਹੇ ਹਨ। ਪਾਰਟੀ ਆਗੂਆਂ ਨੇ ਭਲਕੇ ਦੀ ਰੈਲੀ ਵਿੱਚ ਹਜ਼ਾਰਾਂ ਲੋਕਾਂ ਦੇ ਇਕੱਠ ਹੋਣ ਦੀ ਉਮੀਦ ਜਤਾਈ ਹੈ।