ਨਿਊਜ਼ ਪੰਜਾਬ
12 ਸਤੰਬਰ,2026
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਨੂੰ ਵੱਖ-ਵੱਖ ਕਿਸਮਾਂ ਦੇ ਰੰਗ-ਬਿਰੰਗੇ ਅਤੇ ਸੁੰਦਰ ਫੁੱਲਾਂ ਨਾਲ ਬੇਹੱਦ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ, ਜਿਸ ਨਾਲ ਪੂਰਾ ਪਰਿਸਰ ਅਲੌਕਿਕ ਰੂਪ ਵਿੱਚ ਨਜ਼ਰ ਆ ਰਿਹਾ ਹੈ।

ਇਸ ਪਵਿੱਤਰ ਮੌਕੇ ’ਤੇ ਸਵੇਰ ਤੋਂ ਹੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਗੁਰੂ ਘਰ ਵਿੱਚ ਨਤਮਸਤਕ ਹੋ ਰਹੀ ਹੈ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣ ਰਹੀ ਹੈ। ਪੁਰਾਤਨ ਸਿੱਖ ਪਰੰਪਰਾ ਅਨੁਸਾਰ ਸ੍ਰੀ ਦਰਬਾਰ ਸਾਹਿਬ ਤੋਂ ਨਗਰ ਕੀਰਤਨ ਵੀ ਸਜਾਇਆ ਜਾਵੇਗਾ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਧਾਰਮਿਕ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਸਾਹਿਬ ਵਿਖੇ ਵਿਸ਼ੇਸ਼ ਜਲੌਅ ਸਜਾਏ ਜਾਣਗੇ। ਰਾਤ ਸਮੇਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸ਼ਬਦ ਵਿਚਾਰ ਅਤੇ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਦੀਪਮਾਲਾ ਕੀਤੀ ਜਾਵੇਗੀ, ਜਦਕਿ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਪ੍ਰਕਾਸ਼ ਪੁਰਬ ਨੂੰ ਲੈ ਕੇ ਪੂਰੇ ਅੰਮ੍ਰਿਤਸਰ ਵਿੱਚ ਧਾਰਮਿਕ ਮਾਹੌਲ ਬਣਿਆ ਹੋਇਆ ਹੈ ਅਤੇ ਸੰਗਤ ਵਿੱਚ ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
