ਕਿਸਾਨ ਮਜ਼ਦੂਰ ਮੋਰਚਾ ਦਾ ਵੱਡਾ ਐਲਾਨ, ‘ਆਪ’ ਮੰਤਰੀਆਂ ਦੇ ਘਰਾਂ ਬਾਹਰ ਇੱਕ ਹਫ਼ਤਾ ਹੋਣਗੇ ਧਰਨੇ

ਨਿਊਜ਼ ਪੰਜਾਬ

13 ਸਤੰਬਰ,2026

ਪੰਜਾਬ ਵਿੱਚ ਕਿਸਾਨ ਅੰਦੋਲਨ ਇੱਕ ਵਾਰ ਫਿਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਕਿਸਾਨ ਮਜ਼ਦੂਰ ਮੋਰਚਾ (KMM) ਨੇ ਪੰਜਾਬ ਸਰਕਾਰ ਵਿਰੁੱਧ ਇੱਕ ਹਫ਼ਤੇ ਦੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸੂਬਾ ‘ਆਪ’ ਪ੍ਰਧਾਨ ਅਮਨ ਅਰੋੜਾ ਸਮੇਤ ‘ਆਪ’ ਦੇ ਮੰਤਰੀਆਂ ਦੇ ਘਰਾਂ ਬਾਹਰ ਧਰਨੇ ਅਤੇ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਗੱਲਬਾਤ ਸ਼ੁਰੂ ਨਾ ਕੀਤੀ ਤਾਂ 16 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਅੰਦੋਲਨ ਨੂੰ ਹੋਰ ਤਿੱਖਾ ਕਰਨ ਬਾਰੇ ਫੈਸਲਾ ਲਿਆ ਜਾਵੇਗਾ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਝੋਨੇ ਲਈ ਲੋੜੀਂਦੀ ਬਿਜਲੀ ਸਪਲਾਈ, ਖਾਦਾਂ ਦੀ ਉਪਲਬਧਤਾ, ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂਆਂ ਦੀ ਐਮਐਸਪੀ ‘ਤੇ ਸਰਕਾਰੀ ਖਰੀਦ, ਕਿਸਾਨਾਂ ਤੇ ਖੇਤੀ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਅਤੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਸ਼ਾਮਲ ਹਨ। ਇਸ ਤੋਂ ਇਲਾਵਾ ਮੋਰਚਾ ਲੈਂਡ ਪੂਲਿੰਗ ਨੀਤੀ ਵਾਪਸ ਲੈਣ, ਭਾਰਤਮਾਲਾ ਪ੍ਰੋਜੈਕਟ ਲਈ ਜ਼ਮੀਨ ਪ੍ਰਾਪਤੀ ਦਾ ਵਿਰੋਧ, ਪ੍ਰੀਪੇਡ ਬਿਜਲੀ ਮੀਟਰਾਂ ਨੂੰ ਰੱਦ ਕਰਨ ਅਤੇ ਕਿਸਾਨੀ ਨਾਲ ਸਬੰਧਤ ਵੱਖ-ਵੱਖ ਬਿੱਲਾਂ ਵਿਰੁੱਧ ਵਿਧਾਨ ਸਭਾ ਵਿੱਚ ਮਤੇ ਪਾਸ ਕਰਨ ਦੀ ਮੰਗ ਕਰ ਰਿਹਾ ਹੈ।