ਅੰਮ੍ਰਿਤਸਰ ’ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 27 ਕਿੱਲੋ ਤੋਂ ਵੱਧ ਹੈਰੋਇਨ ਤੇ ਹਥਿਆਰਾਂ ਸਮੇਤ 4 ਮੁਲਜ਼ਮ ਕਾਬੂ

ਨਿਊਜ਼ ਪੰਜਾਬ

16 ਸਤੰਬਰ 2026

ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ-ਲਾਹੌਰ ਅੰਤਰਰਾਸ਼ਟਰੀ ਸੜਕ ਮਾਰਗ ’ਤੇ ਕੀਤੀ ਗਈ ਇਸ ਕਾਰਵਾਈ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਲਗਭਗ 27 ਕਿੱਲੋ ਤੋਂ ਵੱਧ ਹੈਰੋਇਨ ਅਤੇ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਪਿੰਡ ਭੂਸੇ ਦੇ ਕਰਨ ਅਤੇ ਭੱਲਾ ਕਲੋਨੀ ਦੇ ਸਮਰਪ੍ਰੀਤ, ਵਿਸ਼ਾਲ ਅਤੇ ਸੰਨੀ ਵਜੋਂ ਦੱਸੀ ਗਈ ਹੈ। ਮੁੱਢਲੀ ਜਾਂਚ ਵਿੱਚ ਇੱਕ ਮੁਲਜ਼ਮ ਦੇ ਦੁਬਈ ਸਥਿਤ ਹੈਂਡਲਰ ਨਾਲ ਕਥਿਤ ਸਬੰਧ ਸਾਹਮਣੇ ਆਏ ਹਨ। ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਵਿਦੇਸ਼ ਬੈਠਾ ਹੈਂਡਲਰ ਸਰਹੱਦ ਪਾਰੋਂ ਨਸ਼ੇ ਦੀਆਂ ਖੇਪਾਂ ਮੰਗਵਾਉਣ ਅਤੇ ਉਨ੍ਹਾਂ ਨੂੰ ਅੱਗੇ ਪਹੁੰਚਾਉਣ ਲਈ ਨੈੱਟਵਰਕ ਚਲਾ ਰਿਹਾ ਸੀ। ਪੁਲਿਸ ਵੱਲੋਂ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੀ ਹੈਰੋਇਨ ਅਤੇ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਲੋਕ ਸ਼ਾਮਲ ਹਨ। ਇਸ ਤੋਂ ਇਲਾਵਾ ਵਿਦੇਸ਼ ਬੈਠੇ ਹੈਂਡਲਰਾਂ ਅਤੇ ਸਰਹੱਦ ਪਾਰ ਸਰਗਰਮ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਮੁਲਜ਼ਮਾਂ ਦੇ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਵੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਕਾਰਵਾਈ ਦੌਰਾਨ ਪੁਲਿਸ ਨੇ 9.549 ਕਿੱਲੋ ਹੈਰੋਇਨ, 5.459 ਕਿੱਲੋ ਅਫੀਮ ਅਤੇ ਇੱਕ ਗੈਰ-ਕਾਨੂੰਨੀ .30 ਬੋਰ ਪਿਸਤੌਲ ਬਰਾਮਦ ਕੀਤਾ ਸੀ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਨ੍ਹਾਂ ਮਾਮਲਿਆਂ ਦੇ ਤਾਰ ਵਿਦੇਸ਼ ਬੈਠੇ ਤਸਕਰਾਂ ਨਾਲ ਜੁੜੇ ਹੋਣ ਦੀ ਗੱਲ ਸਾਹਮਣੇ ਆਈ ਸੀ ਅਤੇ ਨਸ਼ਿਆਂ ਤੇ ਹਥਿਆਰਾਂ ਦੀ ਸਪਲਾਈ ਡਰੋਨ ਰਾਹੀਂ ਕੀਤੇ ਜਾਣ ਦੀ ਵੀ ਜਾਣਕਾਰੀ ਮਿਲੀ ਸੀ। ਫਿਲਹਾਲ ਕਾਊਂਟਰ ਇੰਟੈਲੀਜੈਂਸ ਵੱਲੋਂ ਚਾਰਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।