ਬੁਢਲਾਡਾ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਡਾ. ਨਿਸ਼ਾਨ ਸਿੰਘ ਨੇ ਦਿੱਤਾ ਅਸਤੀਫ਼ਾ

ਨਿਊਜ਼ ਪੰਜਾਬ

17 ਸਤੰਬਰ,2026

ਮਾਨਸਾ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਡਾ. ਨਿਸ਼ਾਨ ਸਿੰਘ ਨੇ ਵੀਰਵਾਰ ਨੂੰ ਸਾਰੇ ਪਾਰਟੀ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਭੇਜਿਆ ਹੈ। ਡਾ. ਨਿਸ਼ਾਨ ਸਿੰਘ ਨੇ ਅਸਤੀਫ਼ੇ ਪਿੱਛੇ ਖ਼ਰਾਬ ਸਿਹਤ, ਘਰੇਲੂ ਕਾਰਨਾਂ ਅਤੇ ਆਰਥਿਕ ਮੁਸ਼ਕਲਾਂ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਿੱਚ ਰਹਿ ਕੇ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹੇ ਹਨ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਫ਼ਿਲਹਾਲ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਦਾ ਸਹਿਯੋਗ ਲਈ ਧੰਨਵਾਦ ਵੀ ਕੀਤਾ।