ਨਿਊਜ਼ ਪੰਜਾਬ
20 ਸਤੰਬਰ,2026
ਅੰਮ੍ਰਿਤਸਰ ਦੇ ਗੁਰਦੁਆਰਾ ਸ਼੍ਰੀ ਸੰਤੋਖਸਰ ਸਾਹਿਬ ਵਿਖੇ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਸਰੋਵਰ ਵਿੱਚੋਂ ਇੱਕ 68 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ ਹੈ, ਜੋ ਆਈਡੀਐਚ ਮਾਰਕੀਟ ਵਿੱਚ ਨਕਲੀ ਗਹਿਣਿਆਂ ਦੀ ਦੁਕਾਨ ਚਲਾਉਂਦਾ ਸੀ। ਜਾਣਕਾਰੀ ਮੁਤਾਬਕ ਮਨਿੰਦਰ ਸਿੰਘ ਸ਼ਨੀਵਾਰ ਦੁਪਹਿਰ ਕਰੀਬ 1:30 ਵਜੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਿਆ ਸੀ। ਇਸ ਦੌਰਾਨ ਉਹ ਆਪਣੇ ਕੱਪੜਿਆਂ ਸਮੇਤ ਸਰੋਵਰ ਵਿੱਚ ਇਸ਼ਨਾਨ ਕਰਨ ਲਈ ਗਿਆ, ਪਰ ਇਸ ਤੋਂ ਬਾਅਦ ਉਹ ਵਾਪਸ ਬਾਹਰ ਨਹੀਂ ਆਇਆ। ਘਟਨਾ ਦੀ ਜਾਣਕਾਰੀ ਮਿਲਣ ’ਤੇ ਗੁਰਦੁਆਰਾ ਕਮੇਟੀ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਸਰੋਵਰ ਵਿੱਚੋਂ ਉਸਦੀ ਲਾਸ਼ ਬਰਾਮਦ ਕੀਤੀ ਗਈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿੱਚ ਮਨਿੰਦਰ ਸਿੰਘ ਸਰੋਵਰ ਵਿੱਚ ਦਾਖਲ ਹੁੰਦਾ ਦਿਖਾਈ ਦੇ ਰਿਹਾ ਹੈ। ਮੁੱਢਲੀ ਜਾਂਚ ਵਿੱਚ ਮੌਤ ਡੁੱਬਣ ਕਾਰਨ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਦੇ ਨਾਲ-ਨਾਲ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
