ਨਿਊਜ਼ ਪੰਜਾਬ
20 ਸਤੰਬਰ,2026
ਫਰੀਦਕੋਟ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 47.3 ਕਿਲੋਗ੍ਰਾਮ ਹੈਰੋਇਨ, .30 ਬੋਰ ਦੇ ਤਿੰਨ ਪਿਸਤੌਲ, ਤਿੰਨ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਤਸਕਰੀ ਲਈ ਵਰਤੀਆਂ ਜਾ ਰਹੀਆਂ ਹੌਂਡਾ ਸਿਟੀ ਅਤੇ ਹੁੰਡਈ ਔਰਾ ਕਾਰਾਂ ਵੀ ਪੁਲਿਸ ਨੇ ਜ਼ਬਤ ਕੀਤੀਆਂ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਵਿੱਚ ਡਰੋਨ ਰਾਹੀਂ ਸਰਹੱਦ ਪਾਰੋਂ ਪਹੁੰਚਾਈਆਂ ਜਾਂਦੀਆਂ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ। ਇਸ ਤੋਂ ਬਾਅਦ ਇਹ ਖੇਪਾਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕੀਤੀਆਂ ਜਾਂਦੀਆਂ ਸਨ। ਪੁਲਿਸ ਨੇ ਇਹ ਕਾਰਵਾਈ ਬਾਬਾ ਫਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ ਕੀਤੀ। ਪੁਲਿਸ ਹੁਣ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਇਸ ਦੀਆਂ ਅੱਗੇ-ਪਿੱਛੇ ਦੀਆਂ ਕੜੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।
