ਨਿਊਜ਼ ਪੰਜਾਬ
24 ਸਤੰਬਰ,2026
ਕਾਕਰੋਚ ਜਨਤਾ ਪਾਰਟੀ (CJP) ਨੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਦਿੱਲੀ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ CJP ਮੁਖੀ ਅਭਿਜੀਤ ਦੀਪਕੇ ਨੇ ਕਿਹਾ ਕਿ ਜੇਕਰ ਗਿਆਨੇਸ਼ ਕੁਮਾਰ 48 ਘੰਟਿਆਂ ਦੇ ਅੰਦਰ ਅਸਤੀਫ਼ਾ ਨਹੀਂ ਦਿੰਦੇ ਤਾਂ ਪਾਰਟੀ ਵੱਲੋਂ ਚੋਣ ਕਮਿਸ਼ਨ ਖ਼ਿਲਾਫ਼ ਦੇਸ਼ ਪੱਧਰੀ ਮੁਹਿੰਮ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤੇ ਜਾਣਗੇ। ਪਾਰਟੀ ਨੇ ਚੋਣ ਪ੍ਰਕਿਰਿਆ, ਵੋਟਰ ਸੂਚੀਆਂ ਅਤੇ SIR ਨਾਲ ਸਬੰਧਤ ਕਈ ਮੰਗਾਂ ਰੱਖੀਆਂ ਹਨ। CJP ਨੇ ਗਿਆਨੇਸ਼ ਕੁਮਾਰ ਖ਼ਿਲਾਫ਼ ਜਾਂਚ ਅਤੇ ਕਾਰਵਾਈ ਦੀ ਮੰਗ ਦੇ ਨਾਲ ਆਉਣ ਵਾਲੀਆਂ ਚੋਣਾਂ ਨੂੰ ਰੋਕਣ, ਜਨਵਰੀ 2024 ਦੀ ਵੋਟਰ ਸੂਚੀ ਬਹਾਲ ਕਰਨ ਅਤੇ SIR ਨੂੰ ਰੋਕਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਪਾਰਟੀ ਨੇ 2023 ਦੇ ਉਸ ਕਾਨੂੰਨ ਵਿੱਚ ਬਦਲਾਅ ਦੀ ਮੰਗ ਕੀਤੀ ਹੈ, ਜਿਸ ਤਹਿਤ ਚੋਣ ਕਮਿਸ਼ਨਰਾਂ ਨੂੰ ਕਾਨੂੰਨੀ ਸੁਰੱਖਿਆ ਮਿਲਦੀ ਹੈ। ਅਭਿਜੀਤ ਦੀਪਕੇ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ‘ਤੇ ਕਾਰਵਾਈ ਨਾ ਹੋਈ ਤਾਂ ਪਾਰਟੀ ਦੇ ਆਗੂ ਅਤੇ ਵਰਕਰ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਮੁੱਦੇ ਬਾਰੇ ਜਾਗਰੂਕ ਕਰਨਗੇ ਅਤੇ ਦਿੱਲੀ ਵਿੱਚ ਜੰਤਰ-ਮੰਤਰ ‘ਤੇ ਧਰਨਾ ਵੀ ਦਿੱਤਾ ਜਾਵੇਗਾ। CJP ਵੱਲੋਂ ਇਸ ਦੌਰਾਨ ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੀ ਕਈ ਸਵਾਲ ਉਠਾਏ ਗਏ ਹਨ।
