ਨਿਊਜ਼ ਪੰਜਾਬ
27 ਸਤੰਬਰ,2026
ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਕੈਂਪਸ ਵਿੱਚ ਸ਼ਨੀਵਾਰ ਦੇਰ ਰਾਤ ਉਸ ਸਮੇਂ ਤਣਾਅ ਦੀ ਸਥਿਤੀ ਬਣ ਗਈ, ਜਦੋਂ ਗਰਲਜ਼ ਹੋਸਟਲ ਨਾਲ ਸਬੰਧਤ ਇੱਕ ਖ਼ਬਰ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਵਾਇਰਲ ਪੋਸਟਾਂ ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਅਤੇ ਇਸ ਤੋਂ ਬਾਅਦ ਖੁਦਕੁਸ਼ੀ ਕਰਨ ਦੇ ਦਾਅਵੇ ਕੀਤੇ ਜਾ ਰਹੇ ਸਨ। ਇਨ੍ਹਾਂ ਖ਼ਬਰਾਂ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਕੈਂਪਸ ਵਿੱਚ ਇਕੱਠੇ ਹੋ ਗਏ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਕੁਝ ਪੋਸਟਾਂ ਵਿੱਚ ਯੂਨੀਵਰਸਿਟੀ ਦੇ ਇੱਕ ਕਰਮਚਾਰੀ ’ਤੇ ਵੀ ਗੰਭੀਰ ਇਲਜ਼ਾਮ ਲਗਾਏ ਗਏ, ਪਰ ਪੁਲਿਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਨ੍ਹਾਂ ਦਾਅਵਿਆਂ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਪ੍ਰਦਰਸ਼ਨ ਦੌਰਾਨ ਯੂਨੀਵਰਸਿਟੀ ਦੇ ਮੁੱਖ ਗੇਟ ਨੂੰ ਨੁਕਸਾਨ ਪਹੁੰਚਣ ਅਤੇ ਕੈਂਪਸ ਦੇ ਕੁਝ ਹਿੱਸਿਆਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੀ ਵੀ ਜਾਣਕਾਰੀ ਸਾਹਮਣੇ ਆਈ।
ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਮੁੱਖ ਹਾਈਵੇਅ ’ਤੇ ਧਰਨਾ ਦੇ ਕੇ ਆਵਾਜਾਈ ਵੀ ਰੋਕ ਦਿੱਤੀ ਗਈ। ਸਥਿਤੀ ਨੂੰ ਕਾਬੂ ਕਰਨ ਲਈ ਜਲੰਧਰ ਅਤੇ ਹੁਸ਼ਿਆਰਪੁਰ ਦੇ ਐਸਐਸਪੀ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਅਤੇ ਜਵਾਨ ਮੌਕੇ ’ਤੇ ਪਹੁੰਚੇ। ਪੁਲਿਸ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸ਼ਾਂਤ ਕੀਤਾ। ਅਧਿਕਾਰੀਆਂ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਵਾਇਰਲ ਦਾਅਵਿਆਂ ਦੀ ਪੁਸ਼ਟੀ ਨਹੀਂ ਹੋਈ ਅਤੇ ਵਿਦਿਆਰਥੀਆਂ ਦੇ ਕੁਝ ਹੋਰ ਅੰਦਰੂਨੀ ਮੁੱਦਿਆਂ ਨੂੰ ਲੈ ਕੇ ਵੀ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਮਤਭੇਦ ਸਾਹਮਣੇ ਆਏ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਵਿਸਥਾਰਤ ਅਧਿਕਾਰਤ ਬਿਆਨ ਦੀ ਉਡੀਕ ਹੈ।
