LPU ਹੰਗਾਮੇ ਤੋਂ ਬਾਅਦ ਵੱਡਾ ਫੈਸਲਾ, 10 ਦਿਨਾਂ ਲਈ ਕਲਾਸਾਂ ਬੰਦ; ਮਿਡ-ਟਰਮ ਪ੍ਰੀਖਿਆਵਾਂ ਮੁਲਤਵੀ

ਨਿਊਜ਼ ਪੰਜਾਬ

28 ਸਤੰਬਰ,2026

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਫਗਵਾੜਾ ਸਥਿਤ ਕੈਂਪਸ ਵਿੱਚ ਹੋਏ ਭਾਰੀ ਹੰਗਾਮੇ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਵੱਡਾ ਫੈਸਲਾ ਲਿਆ ਹੈ। ਪ੍ਰਸ਼ਾਸਨ ਵੱਲੋਂ 28 ਸਤੰਬਰ ਤੋਂ ਅਗਲੇ 10 ਦਿਨਾਂ ਲਈ ਯੂਨੀਵਰਸਿਟੀ ਦੀਆਂ ਸਾਰੀਆਂ ਨਿਯਮਤ ਕਲਾਸਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਆਉਣ ਵਾਲੀਆਂ ਮਿਡ-ਟਰਮ ਪ੍ਰੀਖਿਆਵਾਂ ਨੂੰ ਵੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਜਿਹੜੇ ਵਿਦਿਆਰਥੀ ਆਪਣੇ ਘਰ ਜਾਣਾ ਚਾਹੁੰਦੇ ਹਨ, ਉਹ ਆਪਣੇ ਮਾਪਿਆਂ ਨਾਲ ਸੰਪਰਕ ਕਰਕੇ ਘਰ ਜਾ ਸਕਦੇ ਹਨ। ਜਿਹੜੇ ਵਿਦਿਆਰਥੀ ਹੋਸਟਲ ਵਿੱਚ ਰਹਿਣਾ ਚਾਹੁੰਦੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਬਾਹਰ ਨਾ ਜਾਣ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਕੈਂਪਸ ਵਿੱਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਸੀ, ਜਦੋਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਟਕਰਾਅ ਦੀ ਸਥਿਤੀ ਬਣੀ ਅਤੇ ਪੱਥਰਬਾਜ਼ੀ ਤੇ ਅੱਗਜ਼ਨੀ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਇਸ ਹੰਗਾਮੇ ਕਾਰਨ ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ਵੀ ਕਈ ਘੰਟਿਆਂ ਤੱਕ ਪ੍ਰਭਾਵਿਤ ਰਿਹਾ, ਜਿਸ ਕਾਰਨ ਸੜਕ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਬਾਅਦ ਵਿੱਚ ਹਾਈਵੇਅ ਨੂੰ ਮੁੜ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ। ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਬਲਾਤਕਾਰ ਦੇ ਮਾਮਲੇ ਦੀ ਜਾਂਚ ਅਤੇ FIR ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ FIR ਦਰਜ ਕੀਤੀ ਹੈ ਅਤੇ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਪੁਲਿਸ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ। ਫਿਲਹਾਲ ਯੂਨੀਵਰਸਿਟੀ ਕੈਂਪਸ ਵਿੱਚ ਪੁਲਿਸ ਬਲ ਤਾਇਨਾਤ ਹਨ ਅਤੇ ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਕਲਾਸਾਂ ਅਤੇ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਫੈਸਲੇ ਨਾਲ ਵਿਦਿਆਰਥੀਆਂ ਨੂੰ ਕੁਝ ਸਮੇਂ ਲਈ ਰਾਹਤ ਮਿਲੀ ਹੈ, ਜਦਕਿ ਹੁਣ ਸਾਰਿਆਂ ਦੀ ਨਜ਼ਰ ਮਾਮਲੇ ਦੀ ਅਗਲੀ ਜਾਂਚ ਅਤੇ ਯੂਨੀਵਰਸਿਟੀ ਵੱਲੋਂ ਜਾਰੀ ਕੀਤੇ ਜਾਣ ਵਾਲੇ ਅਗਲੇ ਹੁਕਮਾਂ ‘ਤੇ ਹੈ।