LPU ’ਚ ਹੰਗਾਮੇ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਮੁਅੱਤਲ, DGP ਨੇ ਲਿਆ ਜਾਇਜ਼ਾ

ਨਿਊਜ਼ ਪੰਜਾਬ

28 ਸਤੰਬਰ,2026

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਏ ਹੰਗਾਮੇ ਅਤੇ ਹਿੰਸਕ ਘਟਨਾਵਾਂ ਤੋਂ ਬਾਅਦ ਪ੍ਰਸ਼ਾਸਨ ਨੇ ਵੱਡਾ ਫੈਸਲਾ ਲੈਂਦਿਆਂ ਯੂਨੀਵਰਸਿਟੀ ਨੂੰ ਅਗਲੇ 10 ਦਿਨਾਂ ਲਈ ਬੰਦ ਕਰ ਦਿੱਤਾ ਹੈ। ਇਸ ਦੌਰਾਨ ਮਿਡ-ਟਰਮ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਮਾਹੌਲ ਨੂੰ ਹੋਰ ਖਰਾਬ ਹੋਣ ਤੋਂ ਰੋਕਣ ਅਤੇ ਕਥਿਤ ਭੜਕਾਊ ਵੀਡੀਓਜ਼ ਦੇ ਪ੍ਰਸਾਰ ਨੂੰ ਰੋਕਣ ਲਈ ਇਲਾਕੇ ਵਿੱਚ ਅਗਲੇ ਹੁਕਮਾਂ ਤੱਕ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ, ਜਦਕਿ DGP ਗੌਰਵ ਯਾਦਵ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। DGP ਨੇ ਦੱਸਿਆ ਕਿ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕੀਤਾ ਗਿਆ ਹੈ ਅਤੇ ਮਾਮਲੇ ਵਿੱਚ FIR ਦਰਜ ਕਰਕੇ ਜਾਂਚ ਲਈ SIT ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ’ਤੇ ਭਰੋਸਾ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਘਰ ਜਾਣ ਲਈ ਮਾਪਿਆਂ ਨੂੰ ਬੁਲਾਉਣ ਦੀ ਸਲਾਹ ਦਿੱਤੀ ਹੈ, ਜਦਕਿ ਕੈਂਪਸ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਬਿਨਾਂ ਜ਼ਰੂਰੀ ਕੰਮ ਤੋਂ ਹੋਸਟਲ ਤੋਂ ਬਾਹਰ ਨਾ ਨਿਕਲਣ ਲਈ ਕਿਹਾ ਗਿਆ ਹੈ।