ਨਿਊਜ਼ ਪੰਜਾਬ
29 ਸਤੰਬਰ,2026
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਸਪਲਾਈ ਨਾਲ ਜੁੜੇ ਇੱਕ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 10 ਕਿਲੋ ਤੋਂ ਵੱਧ ਹੈਰੋਇਨ, ਇੱਕ AK-47, ਇੱਕ AK-56 ਰਾਈਫਲ, ਤਿੰਨ ਮੈਗਜ਼ੀਨ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸੰਪਰਕ ਸਨ ਅਤੇ ਕਥਿਤ ਤੌਰ ’ਤੇ ਡਰੋਨ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਤੇ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਗਈ ਸੀ। ਪੁਲਿਸ ਨੇ ਖਾਸ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਬਿਕਰਮਜੀਤ ਸਿੰਘ, ਸੰਦੀਪ ਸਿੰਘ ਅਤੇ ਉਸ ਦੀ ਪਤਨੀ ਕਮਲਜੀਤ ਕੌਰ ਨੂੰ ਕਾਬੂ ਕੀਤਾ। ਇਸ ਮਾਮਲੇ ਵਿੱਚ ਘਰਿੰਡਾ ਥਾਣੇ ਵਿੱਚ ਅਸਲਾ ਐਕਟ ਅਤੇ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਤਿੰਨ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜਿਆ ਗਿਆ ਹੈ। ਹੁਣ ਪੁਲਿਸ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਦੇ ਨਾਲ-ਨਾਲ ਨਸ਼ੇ ਅਤੇ ਹਥਿਆਰਾਂ ਦੇ ਸਰੋਤ ਅਤੇ ਉਨ੍ਹਾਂ ਦੀ ਅੱਗੇ ਸਪਲਾਈ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।
