ਸੁਰੱਖਿਆ ਕਾਰਨਾਂ ਕਰਕੇ CM ਮਾਨ ਦੇ ਜਾਪਾਨ ਦੌਰੇ ਨੂੰ ਮਨਜ਼ੂਰੀ ਨਹੀਂ,ਏਸ਼ੀਆਈ ਖੇਡਾਂ’ਚ ਭਾਰਤੀ ਹਾਕੀ ਟੀਮ ਦਾ ਮੈਚ ਦੇਖਣ ਜਾਣਾ ਸੀ

ਨਿਊਜ਼ ਪੰਜਾਬ

2 ਅਕਤੂਬਰ,2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਾਪਾਨ ਦੌਰੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਆਈ ਖੇਡਾਂ ਦੌਰਾਨ ਭਾਰਤੀ ਪੁਰਸ਼ ਹਾਕੀ ਟੀਮ ਦਾ ਮੈਚ ਦੇਖਣ ਲਈ ਜਾਪਾਨ ਜਾਣ ਦੀ ਰਾਜਨੀਤਿਕ ਪ੍ਰਵਾਨਗੀ ਨਹੀਂ ਦਿੱਤੀ ਗਈ। ਰਾਜ ਸਰਕਾਰ ਦੇ ਸੂਤਰਾਂ ਅਨੁਸਾਰ, ਕੇਂਦਰ ਸਰਕਾਰ ਨੇ ਇਸ ਦੌਰੇ ਨੂੰ ਮਨਜ਼ੂਰੀ ਨਾ ਦੇਣ ਪਿੱਛੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੌਰਾਨ ਕਿਸੇ ਵੀ ਵੀਆਈਪੀ ਦੀ ਸੁਰੱਖਿਆ ਯਕੀਨੀ ਬਣਾਉਣਾ ਇੱਕ ਵੱਡੀ ਚੁਣੌਤੀ ਹੁੰਦੀ ਹੈ ਅਤੇ ਇਸ ਮਾਮਲੇ ਵਿੱਚ ਸੁਰੱਖਿਆ ਨਾਲ ਜੁੜੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਅਨ ਹਾਕੀ ਫੈਡਰੇਸ਼ਨ ਵੱਲੋਂ 21 ਸਤੰਬਰ ਨੂੰ ਜਾਪਾਨ ਆਉਣ ਦਾ ਸੱਦਾ ਮਿਲਿਆ ਸੀ। ਉਨ੍ਹਾਂ ਨੂੰ ਆਈਚੀ-ਨਾਗੋਆ ਏਸ਼ੀਆਈ ਖੇਡਾਂ ਵਿੱਚ ਹਾਕੀ ਮੁਕਾਬਲਿਆਂ ਦੇ ਅੰਤਿਮ ਪੜਾਅ ਦੌਰਾਨ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਪ੍ਰੋਗਰਾਮ ਅਨੁਸਾਰ, ਭਾਰਤੀ ਪੁਰਸ਼ ਹਾਕੀ ਟੀਮ ਦੇ ਸੈਮੀਫਾਈਨਲ ਮੁਕਾਬਲੇ 1 ਅਕਤੂਬਰ ਨੂੰ ਅਤੇ ਫਾਈਨਲ 3 ਅਕਤੂਬਰ ਨੂੰ ਹੋਣਾ ਤੈਅ ਸੀ। ਇਸ ਦੌਰੇ ਦਾ ਮਕਸਦ ਸਿਰਫ਼ ਭਾਰਤੀ ਹਾਕੀ ਟੀਮ ਦਾ ਹੌਸਲਾ ਵਧਾਉਣਾ ਹੀ ਨਹੀਂ ਸੀ, ਸਗੋਂ ਪੰਜਾਬ ਦੇ ਵਫ਼ਦ ਨੂੰ ਇੱਕ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੇ ਪ੍ਰਬੰਧਾਂ ਨੂੰ ਨੇੜਿਓਂ ਦੇਖਣ ਦਾ ਮੌਕਾ ਵੀ ਮਿਲਣਾ ਸੀ। ਇਸ ਦੇ ਨਾਲ ਹੀ ਪੰਜਾਬ ਵਿੱਚ ਹੋਣ ਵਾਲੀ ਪੁਰਸ਼ਾਂ ਦੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਤਿਆਰੀਆਂ ਲਈ ਵੀ ਇਹ ਦੌਰਾ ਮਹੱਤਵਪੂਰਨ ਮੰਨਿਆ ਜਾ ਰਿਹਾ ਸੀ। ਪੰਜਾਬ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿੱਚ ਇਸ ਵੱਕਾਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਅਜਿਹੇ ਵਿੱਚ ਜਾਪਾਨ ਦੌਰੇ ਦੌਰਾਨ ਮਿਲਣ ਵਾਲਾ ਤਜਰਬਾ ਪੰਜਾਬ ਵਿੱਚ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਨੂੰ ਹੋਰ ਸੁਚੱਜਾ ਬਣਾਉਣ ਵਿੱਚ ਸਹਾਇਕ ਹੋ ਸਕਦਾ ਸੀ। ਫਿਲਹਾਲ, ਕੇਂਦਰ ਸਰਕਾਰ ਵੱਲੋਂ ਰਾਜਨੀਤਿਕ ਪ੍ਰਵਾਨਗੀ ਨਾ ਮਿਲਣ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦਾ ਜਾਪਾਨ ਦੌਰਾ ਰੱਦ ਹੋ ਗਿਆ ਹੈ, ਜਦਕਿ ਪੰਜਾਬ ਵਿੱਚ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਤਿਆਰੀਆਂ ਜਾਰੀ ਹਨ।