ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, AK-47 ਰਾਈਫਲ ਅਤੇ 2 ਹੈਂਡ ਗ੍ਰੇਨੇਡਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ

ਨਿਊਜ਼ ਪੰਜਾਬ

4 ਅਕਤੂਬਰ 2026

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ AK-47 ਰਾਈਫਲ, ਇੱਕ ਮੈਗਜ਼ੀਨ, ਜਿਊਂਦੇ ਕਾਰਤੂਸ ਅਤੇ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਮੁਤਾਬਕ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸੀ। ਇਸ ਮਾਮਲੇ ਸਬੰਧੀ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਹਥਿਆਰਾਂ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿਨ੍ਹਾਂ ਲੋਕਾਂ ਤੱਕ ਪਹੁੰਚਾਇਆ ਜਾਣਾ ਸੀ। ਅਧਿਕਾਰੀਆਂ ਅਨੁਸਾਰ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।