ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਗੌਰਵ ਯਾਦਵ ਦੀ ਨਿਯੁਕਤੀ ’ਤੇ ਲੱਗੀ ਮੋਹਰ

ਨਿਊਜ਼ ਪੰਜਾਬ

9 ਅਕਤੂਬਰ,2026

ਪੰਜਾਬ ਪੁਲਿਸ ਨੂੰ ਆਖਿਰਕਾਰ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਮਿਲ ਗਿਆ ਹੈ। ਪੰਜਾਬ ਸਰਕਾਰ ਵੱਲੋਂ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਪੱਕਾ ਡੀਜੀਪੀ ਨਿਯੁਕਤ ਕਰਨ ਲਈ ਸਿਧਾਂਤਕ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਲੰਮੇ ਸਮੇਂ ਤੋਂ ਪੰਜਾਬ ਵਿੱਚ ਪੱਕੇ ਡੀਜੀਪੀ ਦੀ ਨਿਯੁਕਤੀ ਦੀ ਮੰਗ ਕੀਤੀ ਜਾ ਰਹੀ ਸੀ। ਇਸ ਨਿਯੁਕਤੀ ਲਈ ਯੂਪੀਐੱਸਸੀ (UPSC) ਦੇ ਪੈਨਲ ਵੱਲੋਂ ਤਿੰਨ ਸੀਨੀਅਰ ਆਈਪੀਐੱਸ ਅਧਿਕਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਗਈ ਸੀ, ਜਿਨ੍ਹਾਂ ਵਿੱਚ ਗੌਰਵ ਯਾਦਵ ਤੋਂ ਇਲਾਵਾ ਸ਼ਰਦ ਸਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਂ ਵੀ ਸ਼ਾਮਲ ਸਨ। ਗੌਰਵ ਯਾਦਵ ਦੀ ਰੈਗੂਲਰ ਡੀਜੀਪੀ ਵਜੋਂ ਨਿਯੁਕਤੀ ਨੂੰ ਪੰਜਾਬ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਹਲਕਿਆਂ ਵਿੱਚ ਇੱਕ ਅਹਿਮ ਫ਼ੈਸਲੇ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਉਨ੍ਹਾਂ ਦੇ ਸਾਹਮਣੇ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ, ਗੈਂਗਸਟਰਵਾਦ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਤੇਜ਼ ਕਰਨ ਅਤੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਦੀਆਂ ਵੱਡੀਆਂ ਚੁਣੌਤੀਆਂ ਹੋਣਗੀਆਂ

।