ਨਿਊਜ਼ ਪੰਜਾਬ
10 ਅਕਤੂਬਰ,2026
ਪੰਜਾਬ ਵਿੱਚ ਮੌਸਮ ਦਾ ਰੁਖ਼ ਇੱਕ ਵਾਰ ਫਿਰ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਸੂਬੇ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਝੱਖੜ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹੇਗਾ ਅਤੇ ਗਰਜ-ਚਮਕ ਨਾਲ ਮੀਂਹ ਦੀਆਂ ਬੁਛਾੜਾਂ ਪੈ ਸਕਦੀਆਂ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਦਕਿ ਫ਼ਰੀਦਕੋਟ 38.2 ਡਿਗਰੀ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ। ਮੌਸਮ ਵਿੱਚ ਇਸ ਤਬਦੀਲੀ ਦਾ ਕਾਰਨ ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਅਤੇ ਵੱਖ-ਵੱਖ ਵਾਯੂਮੰਡਲੀ ਪ੍ਰਣਾਲੀਆਂ ਨੂੰ ਮੰਨਿਆ ਜਾ ਰਿਹਾ ਹੈ। ਭਾਵੇਂ ਪੰਜਾਬ ਵਿੱਚੋਂ ਮਾਨਸੂਨ ਪੂਰੀ ਤਰ੍ਹਾਂ ਵਿਦਾ ਹੋ ਚੁੱਕਾ ਹੈ, ਪਰ 15 ਅਕਤੂਬਰ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੁਹਾਲੀ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 30 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ, ਜਦਕਿ ਮਾਲਵਾ ਖੇਤਰ ਦੇ ਕੁਝ ਜ਼ਿਲ੍ਹਿਆਂ ਵਿੱਚ ਪਾਰਾ 34 ਤੋਂ 36 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ ਹੈ। ਮੌਸਮ ਵਿੱਚ ਅਚਾਨਕ ਤਬਦੀਲੀ ਦੇ ਮੱਦੇਨਜ਼ਰ ਲੋਕਾਂ ਨੂੰ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
