ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ: ਸਤੰਬਰ ’ਚ 6 ਸਰਕਾਰੀ ਅਧਿਕਾਰੀਆਂ ਸਮੇਤ 8 ਵਿਅਕਤੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਨਿਊਜ਼ ਪੰਜਾਬ

12 ਅਕਤੂਬਰ 2026

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਸਤੰਬਰ ਮਹੀਨੇ ਦੌਰਾਨ 6 ਵੱਖ-ਵੱਖ ਮਾਮਲਿਆਂ ਵਿੱਚ 6 ਸਰਕਾਰੀ ਅਧਿਕਾਰੀਆਂ ਅਤੇ 2 ਨਿੱਜੀ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਵੱਲੋਂ ਇਸ ਦੌਰਾਨ ਵਿਜੀਲੈਂਸ ਦੇ 23 ਮਾਮਲਿਆਂ ਵਿੱਚ ਵੱਖ-ਵੱਖ ਅਦਾਲਤਾਂ ਵਿੱਚ ਚਲਾਨ ਪੇਸ਼ ਕੀਤੇ ਗਏ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ 4 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ, ਜਿਨ੍ਹਾਂ ਵਿੱਚ 7 ਸਰਕਾਰੀ ਕਰਮਚਾਰੀਆਂ ਸਮੇਤ 8 ਮੁਲਜ਼ਮ ਸ਼ਾਮਲ ਹਨ। ਇਸ ਤੋਂ ਇਲਾਵਾ, ਇੱਕ ਸਰਕਾਰੀ ਕਰਮਚਾਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਦਾਇਰ ਅਤੇ ਪੈਰਵੀ ਕੀਤੇ ਗਏ ਰਿਸ਼ਵਤਖੋਰੀ ਦੇ ਚਾਰ ਮਾਮਲਿਆਂ ਵਿੱਚ ਅਦਾਲਤਾਂ ਨੇ ਛੇ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ 2 ਤੋਂ 5 ਸਾਲ ਤੱਕ ਦੀ ਕੈਦ ਅਤੇ 5,000 ਤੋਂ 25,000 ਰੁਪਏ ਤੱਕ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਬਿਊਰੋ ਨੇ ਕਿਹਾ ਕਿ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਕਾਰਵਾਈ ਲਗਾਤਾਰ ਜਾਰੀ ਹੈ।