ਨਿਊਜ਼ ਪੰਜਾਬ
13 ਅਕਤੂਬਰ,2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਸ਼ਹਿਰਾ ਪੰਨੂਆਂ ਵਿੱਚ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਪੰਜਾਬ ਪੁਲਿਸ ਦੇ ਏਐੱਸਆਈ ਇਕਬਾਲ ਸਿੰਘ ਦੇ ਪਰਿਵਾਰ ਲਈ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਦੁੱਖ ਪ੍ਰਗਟ ਕਰਦਿਆਂ ਸ਼ਹੀਦ ਏਐੱਸਆਈ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਸਲਾਮ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਵਜੋਂ ਦਿੱਤੇ ਜਾਣਗੇ, ਜਦਕਿ HDFC ਬੈਂਕ ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਵੇਗੀ। ਇਸ ਤਰ੍ਹਾਂ ਪਰਿਵਾਰ ਨੂੰ ਕੁੱਲ 2 ਕਰੋੜ ਰੁਪਏ ਦੀ ਸਹਾਇਤਾ ਮਿਲੇਗੀ। ਉੱਧਰ, ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਏਐੱਸਆਈ ਇਕਬਾਲ ਸਿੰਘ ਨੂੰ ਪੂਰੇ ਪੁਲਿਸ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਦੁੱਖ ਦੀ ਇਸ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
