ਨਿਊਜ਼ ਪੰਜਾਬ
13 ਅਕਤੂਬਰ 2026
ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਸਿਆਸੀ ਬਦਲਾਅ ਦੇਖਣ ਨੂੰ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਮਨਜੀਤ ਸਿੱਧੂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਮਨਜੀਤ ਸਿੱਧੂ ਲੰਬੇ ਸਮੇਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਸਹਿਯੋਗੀ ਰਹੇ ਹਨ। ਜਨਵਰੀ 2023 ਵਿੱਚ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਓਐਸਡੀ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਮੀਡੀਆ ਨਾਲ ਸਬੰਧਤ ਜ਼ਿੰਮੇਵਾਰੀਆਂ ਨਿਭਾ ਰਹੇ ਸਨ। ਹਾਲਾਂਕਿ, ਨਵੰਬਰ 2023 ਵਿੱਚ ਉਨ੍ਹਾਂ ਨੇ ਓਐਸਡੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਇੱਕ ਹੋਰ ਸਾਬਕਾ ਓਐਸਡੀ ਓਂਕਾਰ ਸਿੰਘ ਬਰਾੜ ਵੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।
