ਨਿਊਜ਼ ਪੰਜਾਬ
14 ਅਕਤੂਬਰ,2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਅਧੀਨ ਪੈਂਦੇ ਪਿੰਡ ਹਰਖੋਵਾਲ ਵਿਖੇ 154 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਕੇ ਇਨ੍ਹਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੇ ਨਾਲ ਹੀ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਵੱਧ ਕੇ 1,244 ਹੋ ਗਈ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਹੁਣ ਤੱਕ ਸਾਢੇ 6 ਕਰੋੜ ਓਪੀਡੀ ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਕਰੀਬ 2 ਕਰੋੜ ਲੋਕ ਦਵਾਈਆਂ ਦੀ ਸਹੂਲਤ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪੁਰਾਣੇ ਪੇਂਡੂ ਸਿਹਤ ਕੇਂਦਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ, ਮੈਡੀਕਲ ਟੈਸਟ ਅਤੇ ਡਾਕਟਰੀ ਸੇਵਾਵਾਂ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਰੁਜ਼ਗਾਰ ਕ੍ਰਾਂਤੀ ਤਹਿਤ ਹੁਣ ਤੱਕ 70,685 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਦੁਆਬਾ ਅਤੇ ਹੁਸ਼ਿਆਰਪੁਰ ਦੇ ਵਿਕਾਸ ਦੇ ਨਾਲ-ਨਾਲ ਕੰਢੀ ਖੇਤਰ ਦੇ ਕਿਸਾਨਾਂ ਨੂੰ ਲਿਫ਼ਟ ਪੰਪਾਂ ਰਾਹੀਂ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦੀ ਸਿਹਤ ਅਤੇ ਤੰਦਰੁਸਤੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
