ਨਿਊਜ਼ ਪੰਜਾਬ
17 ਅਕਤੂਬਰ,2026
ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਦੌਰਾਨ ਇਹ ਐਲਾਨ ਕੀਤਾ। ਉਨ੍ਹਾਂ ਨੇ ਭਾਈ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦੇ ਨਾਲ ਉਨ੍ਹਾਂ ਦੇ ਇਲਾਜ ਦਾ ਸਾਰਾ ਖਰਚਾ ਚੁੱਕਣ ਦੀ ਪੇਸ਼ਕਸ਼ ਵੀ ਕੀਤੀ। ਇਸ ਤੋਂ ਇਲਾਵਾ, ਭਾਈ ਝੋਟਾ ਦੇ ਦੋ ਬੱਚਿਆਂ ਦੇ ਨਾਮ ’ਤੇ 10-10 ਲੱਖ ਰੁਪਏ ਦੀਆਂ ਐੱਫ.ਡੀ. ਕਰਵਾਉਣ ਅਤੇ ਉਨ੍ਹਾਂ ਦੀ ਪਰਵਰਿਸ਼ ਦੀ ਜ਼ਿੰਮੇਵਾਰੀ ਲੈਣ ਦੀ ਪੇਸ਼ਕਸ਼ ਕੀਤੀ ਗਈ, ਪਰ ਉਨ੍ਹਾਂ ਦੇ ਪਿਤਾ ਨੇ ਪਰਿਵਾਰ ਨੂੰ ਆਤਮ-ਨਿਰਭਰ ਦੱਸਦਿਆਂ ਇਸ ਸਹਾਇਤਾ ਤੋਂ ਇਨਕਾਰ ਕਰ ਦਿੱਤਾ। ਧਾਮੀ ਨੇ ਕਿਹਾ ਕਿ ਭਾਈ ਝੋਟਾ ਦੀ ਕੁਰਬਾਨੀ ਅਤੇ ਨਸ਼ਿਆਂ ਵਿਰੁੱਧ ਉਨ੍ਹਾਂ ਦੇ ਸੰਘਰਸ਼ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਇਨਸਾਫ਼ ਲਈ ਸੰਘਰਸ਼ ਕਰ ਰਹੀ ਸੰਗਤ ਵਾਸਤੇ ਲੰਗਰ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਜਾਰੀ ਰਹੇਗਾ।
