ਨਿਊਜ਼ ਪੰਜਾਬ
18 ਅਕਤੂਬਰ,2026
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਮੁੜ ਪੰਜਾਬ ਦੌਰੇ ’ਤੇ ਆਉਣਗੇ। ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ ਦੇ ਗੰਭੀਰ ਸੰਕਟ ਨਾਲ ਜੂਝ ਰਿਹਾ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਨੂੰ ਬਚਾਉਣ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਮਜ਼ਬੂਤ ਅਗਵਾਈ ਅਤੇ ਠੋਸ ਕਦਮ ਚੁੱਕਣ ਦੀ ਲੋੜ ਹੈ। ਰਵਨੀਤ ਬਿੱਟੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਸਾਥ ਦੇਣ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਇਕਜੁੱਟ ਹੋਣ। ਦੱਸਣਯੋਗ ਹੈ ਕਿ ਇਹ 20 ਦਿਨਾਂ ਦੇ ਅੰਦਰ ਅਮਿਤ ਸ਼ਾਹ ਦਾ ਦੂਜਾ ਪੰਜਾਬ ਦੌਰਾ ਹੋਵੇਗਾ। ਇਸ ਤੋਂ ਪਹਿਲਾਂ ਉਹ 30 ਸਤੰਬਰ ਨੂੰ ਜਲੰਧਰ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਭਾਜਪਾ ਦੀ ‘ਡਰੱਗ ਫ੍ਰੀ ਪੰਜਾਬ ਯਾਤਰਾ’ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਸੀ ਅਤੇ ਨਸ਼ਾਖੋਰੀ ਵਿਰੁੱਧ ਰੈਲੀ ਨੂੰ ਸੰਬੋਧਨ ਕੀਤਾ ਸੀ।
