ਨਿਊਜ਼ ਪੰਜਾਬ
19 ਅਕਤੂਬਰ,2026
ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬੀ ਗਾਇਕ ਰਣਜੀਤ ਬਾਵਾ ਧਰਨੇ ਵਾਲੀ ਥਾਂ ’ਤੇ ਪਹੁੰਚੇ, ਜਿੱਥੇ ਉਨ੍ਹਾਂ ਦੀ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਗੱਲਬਾਤ ਹੋਈ। ਇਸ ਮੌਕੇ ਰਣਜੀਤ ਬਾਵਾ ਨੇ ਭੀਮ ਸਿੰਘ ਦੇ ਹੌਸਲੇ ਅਤੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹਾ ਵੱਡਾ ਜਿਗਰਾ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਬਖ਼ਸ਼ਿਸ਼ ਤੋਂ ਬਿਨਾਂ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਜਵਾਨ ਪੁੱਤ ਨੂੰ ਗੁਆਉਣ ਮਗਰੋਂ ਪਿਤਾ ਦੇ ਮੋਢਿਆਂ ’ਤੇ ਪੈਣ ਵਾਲੇ ਦੁੱਖ ਤੋਂ ਵੱਡਾ ਭਾਰ ਦੁਨੀਆ ਵਿੱਚ ਕੋਈ ਨਹੀਂ। ਗਾਇਕ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਇਸ ਵਿੱਚੋਂ ਬਾਹਰ ਨਿਕਲਣ ਦੀ ਅਪੀਲ ਕੀਤੀ। ਉਨ੍ਹਾਂ ਪਿੰਡਾਂ ਵਿੱਚ ਕਮੇਟੀਆਂ ਬਣਾਉਣ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦਾ ਸੱਦਾ ਵੀ ਦਿੱਤਾ। ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮੈਡੀਕਲ ਸਟੋਰ ’ਤੇ ਨਸ਼ਾ ਵੇਚਣ ਦਾ ਵਿਰੋਧ ਕਰਨ ਦੇ ਮਾਮਲੇ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਪਰਿਵਾਰ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠਾ ਹੈ ਅਤੇ ਮਾਮਲੇ ਦੀ ਸੀਬੀਆਈ ਜਾਂਚ ਸਮੇਤ ਆਪਣੀਆਂ ਮੰਗਾਂ ਪੂਰੀਆਂ ਹੋਣ ’ਤੇ ਅੜਿਆ ਹੋਇਆ ਹੈ।
