ਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡੀ ਕਾਰਵਾਈ, DSP ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਮੁਅੱਤਲ

ਨਿਊਜ਼ ਪੰਜਾਬ

22 ਅਕਤੂਬਰ,2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਵੱਡਾ ਪ੍ਰਸ਼ਾਸਨਿਕ ਕਦਮ ਚੁੱਕਦਿਆਂ DSP ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਝੋਟੇ ਦੇ ਪਰਿਵਾਰ ਵੱਲੋਂ ਦੋਵਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਪਹਿਲਾਂ ਮਾਮਲੇ ਵਿੱਚ SHO ਨੂੰ ਵੀ ਮੁਅੱਤਲ ਕੀਤਾ ਗਿਆ ਸੀ। ਉੱਧਰ, ਪਰਵਿੰਦਰ ਝੋਟਾ ਦੀ ਮੌਤ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ ਅਤੇ ਇਸ ਨੂੰ ਪੰਜਾਬ ਦੀਆਂ ਕਈ ਸ਼ਖ਼ਸੀਅਤਾਂ ਤੇ ਕਲਾਕਾਰਾਂ ਦਾ ਸਮਰਥਨ ਮਿਲ ਰਿਹਾ ਹੈ। ਸੀਬੀਆਈ ਨਾਲ ਮੁਲਾਕਾਤ ਤੋਂ ਬਾਅਦ ਝੋਟੇ ਦੀ ਪਤਨੀ ਨੇ ਪੋਸਟਮਾਰਟਮ ਸਬੰਧੀ ਫੈਲ ਰਹੀਆਂ ਅਫ਼ਵਾਹਾਂ ’ਤੇ ਸਪੱਸ਼ਟ ਕੀਤਾ ਕਿ ਜੇਕਰ ਪਰਿਵਾਰ ਇਸ ਬਾਰੇ ਕੋਈ ਫ਼ੈਸਲਾ ਲੈਂਦਾ ਹੈ ਤਾਂ ਸਭ ਤੋਂ ਪਹਿਲਾਂ ਸੰਗਤ ਨੂੰ ਜਾਣਕਾਰੀ ਦਿੱਤੀ ਜਾਵੇਗੀ। ਪਰਿਵਾਰ ਫਿਲਹਾਲ ਪੋਸਟਮਾਰਟਮ ਨਾ ਕਰਵਾਉਣ ਦੇ ਫ਼ੈਸਲੇ ’ਤੇ ਕਾਇਮ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਿਹਾ ਹੈ।