ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ, ਪਰਵਿੰਦਰ ਝੋਟੇ ਦਾ ਸਸਕਾਰ ਤੇ ਭੋਗ ਪਾਉਣ ਦੀ ਕੀਤੀ ਅਪੀਲ

ਨਿਊਜ਼ ਪੰਜਾਬ

26 ਅਕਤੂਬਰ,2026

ਨਿਹੰਗ ਰਾਜਾ ਰਾਜ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕਰਨ। ਉਨ੍ਹਾਂ ਨੇ ਪਰਵਿੰਦਰ ਝੋਟਾ ਨੂੰ ਕੌਮੀ ਸ਼ਹੀਦ ਦੱਸਦਿਆਂ ਸਸਕਾਰ ਅਤੇ ਭੋਗ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 28 ਅਕਤੂਬਰ ਨੂੰ ਖੰਡੇ-ਬਾਟੇ ਦਾ ਅੰਮ੍ਰਿਤ ਛਕਾਇਆ ਜਾਵੇਗਾ, ਜਦਕਿ 29 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਸਮਰਪਿਤ ਖ਼ਾਲਸਾ ਵਹੀਰ ਕੱਢੀ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ 28 ਅਕਤੂਬਰ ਨੂੰ ਦੇਸ਼-ਵਿਦੇਸ਼ ਦੇ ਗੁਰਦੁਆਰਾ ਸਾਹਿਬਾਨ ਵਿੱਚ ਪਰਿਵਾਰ ਨੂੰ ਇਨਸਾਫ਼ ਮਿਲਣ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮੁੱਦੇ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਨੂੰ ਮੈਡੀਕਲ ਅਤੇ ਸਿੰਥੈਟਿਕ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨੂੰ ਪਰਵਿੰਦਰ ਸਿੰਘ ਦੇ ਪਰਿਵਾਰ ਦੀ ਇਨਸਾਫ਼ ਦੀ ਲੜਾਈ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ।