8 ਸਾਲਾਂ ਬਾਅਦ ਪਾਕਿਸਤਾਨ ਤੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਿਆ 150 ਸਿੱਖ ਸ਼ਰਧਾਲੂਆਂ ਦਾ ਜਥਾ

ਨਿਊਜ਼ ਪੰਜਾਬ

26 ਅਕਤੂਬਰ,2026

ਪਾਕਿਸਤਾਨ ਤੋਂ 150 ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ, ਜਿੱਥੇ ਸੰਗਤਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਲਗਭਗ 8 ਸਾਲਾਂ ਬਾਅਦ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਆਮਦ ਨਾਲ ਸੰਗਤਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਸਨਮਾਨ ਕੀਤਾ ਗਿਆ। ਪਾਕਿਸਤਾਨ ਤੋਂ ਆਈ ਸਿੱਖ ਬੀਬੀ ਕਿਰਤ ਕੌਰ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ, ਜਿਸ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿਸ਼ੇ ’ਤੇ ਪੀਐੱਚ.ਡੀ. ਦੀ ਪੜ੍ਹਾਈ ਕਰਨ ਦੀ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੰਗਤਾਂ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਸੌਖੀ ਬਣਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰ ਸਕਣ। ਇਸ ਮੌਕੇ ਸੰਗਤਾਂ ਨੇ ਆਪਸੀ ਸਾਂਝ, ਧਾਰਮਿਕ ਸ਼ਰਧਾ ਅਤੇ ਸਿੱਖ ਵਿਰਸੇ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਅਜਿਹੇ ਜਥੇ ਲਗਾਤਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਂਦੇ ਰਹਿਣਗੇ।