ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਪਾਰਟੀ ਛੱਡੀ

ਨਿਊਜ਼ ਪੰਜਾਬ

26 ਅਕਤੂਬਰ,2026

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਪਾਰਟੀ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਤਿੰਨ ਜ਼ਿਲ੍ਹਿਆਂ ਦੇ ਇੰਚਾਰਜ ਚੌਧਰੀ ਸ਼ਿਆਮ ਲਾਲ ਗੁੱਜਰ ਮਾਜਰੀਆਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਮਾਜਰੀਆਂ ਨੇ ਦੋਸ਼ ਲਗਾਇਆ ਕਿ ਪਾਰਟੀ ਵਿੱਚ ਜ਼ਮੀਨੀ ਪੱਧਰ ਦੇ ਵਰਕਰਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਖਰੜ ਹਲਕੇ ਸਮੇਤ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਬੀਸੀ ਭਾਈਚਾਰੇ ਨੂੰ ਬਣਦੀ ਨੁਮਾਇੰਦਗੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਰਟੀ ਲੀਡਰਸ਼ਿਪ ਕੋਲ ਮੁੱਦਾ ਉਠਾਉਣ ਦੇ ਬਾਵਜੂਦ ਉਨ੍ਹਾਂ ਨੂੰ ਉਮੀਦ ਮੁਤਾਬਕ ਹੁੰਗਾਰਾ ਨਹੀਂ ਮਿਲਿਆ।