ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ, ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕ ਭਾਜਪਾ ਵਿੱਚ ਹੋਏ ਸ਼ਾਮਲ

ਨਿਊਜ਼ ਪੰਜਾਬ

2 ਨਵੰਬਰ,2026

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਵੱਡਾ ਸਿਆਸੀ ਭੂਚਾਲ ਆ ਗਿਆ ਹੈ। ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਤਿੰਨ ਵਿਧਾਇਕਾਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ, ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਅੰਮ੍ਰਿਤਸਰ ਨਾਰਥ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚੋਂ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਪਹਿਲਾਂ ਹੀ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਦਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਸਵੇਰੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿੰਨਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਭਾਜਪਾ ਦੀ ਪੰਜਾਬ ਪ੍ਰਤੀ ਸੋਚ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਨਾਲ ਲਗਾਅ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।

ਦੂਜੇ ਪਾਸੇ, ਆਮ ਆਦਮੀ ਪਾਰਟੀ ਵੱਲੋਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਇਕੀ ਰੱਦ ਕਰਵਾਉਣ ਲਈ ਵਿਧਾਨ ਸਭਾ ਸਪੀਕਰ ਕੋਲ ਮੰਗ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਿਆਸੀ ਉਥਲ-ਪੁਥਲ ਨੇ ਪੰਜਾਬ ਦੇ ਸਿਆਸੀ ਮਾਹੌਲ ਨੂੰ ਹੋਰ ਗਰਮਾ ਦਿੱਤਾ ਹੈ

।