ਨਿਊਜ਼ ਪੰਜਾਬ
2 ਨਵੰਬਰ,2026
ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵਿੱਚ ਉਦਯੋਗ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਸੋਮਵਾਰ ਸਵੇਰੇ ਕਰੀਬ 5 ਵਜੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਅਤੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਨੇ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਛਾਪੇਮਾਰੀ ਕੀਤੀ। ਟੀਮਾਂ ਵੱਲੋਂ ਘਰ ਨੂੰ ਘੇਰੇ ਵਿੱਚ ਲੈ ਕੇ ਵਿੱਤੀ ਲੈਣ-ਦੇਣ, ਜਾਇਦਾਦਾਂ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਘਰ ਇਨਕਮ ਟੈਕਸ ਵਿਭਾਗ ਵੱਲੋਂ ਲਗਭਗ 62 ਘੰਟਿਆਂ ਤੱਕ ਜਾਂਚ ਕੀਤੀ ਗਈ ਸੀ। ਸੁੰਦਰ ਸ਼ਾਮ ਅਰੋੜਾ ’ਤੇ ਮੰਤਰੀ ਰਹਿੰਦਿਆਂ ਅਹੁਦੇ ਦੀ ਦੁਰਵਰਤੋਂ, ਉਦਯੋਗਿਕ ਪਲਾਟਾਂ ਦੇ ਤਬਾਦਲੇ ਅਤੇ ਰਿਸ਼ਵਤ ਦੇਣ ਦੀ ਕੋਸ਼ਿਸ਼ ਵਰਗੇ ਗੰਭੀਰ ਦੋਸ਼ ਲੱਗ ਚੁੱਕੇ ਹਨ। ਹਾਲਾਂਕਿ, ਪਲਾਟ ਤਬਾਦਲੇ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਸੰਬਰ 2024 ਵਿੱਚ ਐੱਫਆਈਆਰ ਰੱਦ ਕਰ ਦਿੱਤੀ ਸੀ। ਤਾਜ਼ਾ ਛਾਪੇਮਾਰੀ ਨਾਲ ਪੰਜਾਬ ਦੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।
