ਨਿਊਜ਼ ਪੰਜਾਬ
2 ਨਵੰਬਰ,2026
ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। PRTC, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਨਵੰਬਰ ਤੋਂ ਤਿੰਨ ਦਿਨਾਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ 16 ਤੋਂ 18 ਨਵੰਬਰ ਤੱਕ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਲੁਧਿਆਣਾ ਵਿਖੇ ਹੋਈ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 10 ਨਵੰਬਰ ਨੂੰ ਵੱਖ-ਵੱਖ ਡਿਪੂਆਂ ਵਿੱਚ ਗੇਟ ਰੈਲੀਆਂ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ 29 ਅਕਤੂਬਰ ਨੂੰ ਹੋਈ ਮੀਟਿੰਗ ਦੌਰਾਨ ਪਨਬੱਸ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਰਵਿਸ ਰੂਲਜ਼ ਕੈਬਨਿਟ ਵਿੱਚ ਪਾਸ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਇਸ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਤਿੰਨ ਦਿਨਾਂ ਦੀ ਹੜਤਾਲ ਤੋਂ ਬਾਅਦ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਵੀ ਸ਼ੁਰੂ ਕੀਤੀ ਜਾ ਸਕਦੀ ਹੈ।
