ਨਿਊਜ਼ ਪੰਜਾਬ
4 ਨਵੰਬਰ,2026
ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਸੰਗਰੂਰ ਦੇ ਫੱਗੂਵਾਲ ਵਿਖੇ ਇਨਸਾਫ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨਗੇ। ਇਸ ਮੌਕੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਰੈਲੀ ਦੌਰਾਨ ਰਾਹੁਲ ਗਾਂਧੀ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਬੇਰੋਜ਼ਗਾਰੀ ਵਰਗੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨਗੇ। ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਗ੍ਰਹਿ ਜ਼ਿਲ੍ਹਾ ਹੋਣ ਦੇ ਨਾਲ-ਨਾਲ ਮਾਲਵਾ ਖੇਤਰ ਦਾ ਅਹਿਮ ਹਿੱਸਾ ਹੈ।
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ 69 ਸੀਟਾਂ ਮਾਲਵਾ ਖੇਤਰ ਵਿੱਚ ਆਉਂਦੀਆਂ ਹਨ, ਜਿਸ ਕਾਰਨ ਕਾਂਗਰਸ ਨੇ ਇਸ ਰੈਲੀ ਲਈ ਸੰਗਰੂਰ ਨੂੰ ਚੁਣਿਆ ਹੈ। ਰੈਲੀ ਤੋਂ ਬਾਅਦ ਰਾਹੁਲ ਗਾਂਧੀ ਮ੍ਰਿਤਕ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਵੀ ਮੁਲਾਕਾਤ ਕਰਨਗੇ। ਪਿਛਲੇ ਕੁਝ ਮਹੀਨਿਆਂ ਤੋਂ ਅੰਦਰੂਨੀ ਗੁੱਟਬਾਜ਼ੀ ਦਾ ਸਾਹਮਣਾ ਕਰ ਰਹੀ ਪੰਜਾਬ ਕਾਂਗਰਸ ਲਈ ਇਹ ਰੈਲੀ ਕਾਫੀ ਅਹਿਮ ਮੰਨੀ ਜਾ ਰਹੀ ਹੈ। ਇਸ ਮੌਕੇ ਨਵੇਂ ਸੂਬਾ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਦੀ ਭੂਮਿਕਾ ਵੀ ਖਾਸ ਰਹੇਗੀ।
