ਨਿਊਜ਼ ਪੰਜਾਬ
4 ਨਵੰਬਰ,2026
ਉੱਤਰ ਪ੍ਰਦੇਸ਼ ਵਿੱਚ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਦੀਪਉਤਸਵ, ਦੀਵਾਲੀ, ਛੱਠ ਪੂਜਾ ਅਤੇ ਦੇਵ ਦੀਵਾਲੀ ਤੱਕ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਸਰਕਾਰੀ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਤਿਉਹਾਰਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਮਨ-ਕਾਨੂੰਨ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਬਾਜ਼ਾਰਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ 24 ਘੰਟੇ ਪੁਲਿਸ ਨਿਗਰਾਨੀ ਰੱਖਣ, ਸੰਵੇਦਨਸ਼ੀਲ ਧਾਰਮਿਕ ਸਥਾਨਾਂ ‘ਤੇ ਵਾਧੂ ਪੁਲਿਸ ਫੋਰਸ ਤਾਇਨਾਤ ਕਰਨ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੋਸ਼ਲ ਮੀਡੀਆ ‘ਤੇ ਵੀ 24 ਘੰਟੇ ਨਜ਼ਰ ਰੱਖੀ ਜਾਵੇਗੀ ਤਾਂ ਜੋ ਅਫਵਾਹਾਂ ਅਤੇ ਗਲਤ ਜਾਣਕਾਰੀ ਫੈਲਾਉਣ ਵਾਲਿਆਂ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਸਰਕਾਰ ਵੱਲੋਂ ਤਿਉਹਾਰਾਂ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਬਿਜਲੀ, ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਨਿਰਵਿਘਨ ਮੁਹੱਈਆ ਕਰਵਾਉਣ ਦੇ ਵੀ ਹੁਕਮ ਦਿੱਤੇ ਗਏ ਹਨ।
