ਦਲਜੀਤ ਸਿੰਘ ਦੇ ਅੰਤਿਮ ਸਸਕਾਰ ਨੂੰ ਲੈ ਕੇ ਵਿਵਾਦ ਖ਼ਤਮ, ਹੁਣ ਜੱਦੀ ਪਿੰਡ ’ਚ ਹੋਵੇਗਾ ਸਸਕਾਰ

ਨਿਊਜ਼ ਪੰਜਾਬ

4 ਨਵੰਬਰ,2026

ਮਾਨਸਾ ਦੇ ਦਲਜੀਤ ਸਿੰਘ ਦੇ ਅੰਤਿਮ ਸਸਕਾਰ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਖ਼ਤਮ ਹੁੰਦਾ ਨਜ਼ਰ ਆ ਰਿਹਾ ਹੈ। ਪਰਿਵਾਰ ਦੀ ਮੰਗ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਨੇ ਉਨ੍ਹਾਂ ਦਾ ਅੰਤਿਮ ਸਸਕਾਰ ਚੰਡੀਗੜ੍ਹ ਦੀ ਬਜਾਏ ਜੱਦੀ ਪਿੰਡ ਭੰਮੇ ਕਲਾਂ ਵਿੱਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਦਲਜੀਤ ਸਿੰਘ ਦਾ ਅੰਤਿਮ ਸਸਕਾਰ 5 ਨਵੰਬਰ ਨੂੰ ਸਵੇਰੇ 11 ਵਜੇ ਕੀਤਾ ਜਾਵੇਗਾ। ਪਰਿਵਾਰ ਮੁਤਾਬਕ, ਇਸ ਮੌਕੇ ਸਿਰਫ਼ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਹੀ ਸ਼ਾਮਲ ਹੋਣ ਦੀ ਇਜਾਜ਼ਤ ਹੋਵੇਗੀ, ਜਦਕਿ ਕਿਸੇ ਵੀ ਸਿਆਸੀ ਪਾਰਟੀ, ਆਗੂ ਜਾਂ ਹੋਰ ਸੰਗਠਨ ਦੇ ਨੁਮਾਇੰਦਿਆਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਦਾਲਤ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਪੁਲਿਸ ਮੁਖੀਆਂ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਨਵੰਬਰ ਨੂੰ ਹੋਵੇਗੀ।